ਗੁਰਦਾਸਪੁਰ, 10 ਨਵੰਬਰ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਇਸਦੇ ਨਾਲ ਹੀ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸਾਲ 2020-21 ਵਿੱਚ 77 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਵਿੱਚ ਮਨਰੇਗਾ ਅਧੀਨ 228 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗੁਣਾ ਵੱਧ ਨਹਿਰਾਂ ਤੇ ਖ਼ਾਲਾਂ ਦੀ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਹਿਰੀ ਪਾਣੀ ਦੀ ਵਰਤੋਂ ਵਿੱਚ 38 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਾਲ ਪੰਜ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ, ਜਿਹੜੇ ਕਈ ਸਾਲਾਂ ਤੋਂ ਬਕਾਇਆ ਸਨ। ਇਸ ਤੋਂ ਇਲਾਵਾ 40 ਤੋਂ ਵੱਧ ਮੌਸਮੀ ਨਹਿਰਾਂ ਨੂੰ ਸਾਰਾ ਸਾਲ ਵਗਣ ਵਾਲੀਆਂ ਨਹਿਰਾਂ ਵਿੱਚ ਤਬਦੀਲ ਕੀਤਾ ਗਿਆ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਵੱਖ-ਵੱਖ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਰਹਿੰਦੀਆਂ ਗਰੰਟੀਆਂ ਵੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੁਹਾਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਿੱਤ ਵਿੱਚ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਲਏ ਗਏ ਹਨ।