ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਜਤਾਇਆ ਕਤਲ ਦਾ ਸ਼ੱਕ

ਗੁਰਦਾਸਪੁਰ, 11 ਨਵੰਬਰ 2023 (ਦੀ ਪੰਜਾਬ ਵਾਇਰ)। ਕਾਹਨੂੰਵਾਨ ਕਸਬਾ ਪੈਂਦੇ ਪ੍ਰਤਾਪ ਨਗਰ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਉਂਦੇ ਹੋਏ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਸੋਨੂੰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਮ੍ਰਿਤਕ ਦੀ ਮਾਂ ਰਾਜ ਨੇ ਦੱਸਿਆ ਕਿ ਸੋਨੂੰ ਪੀਵੀਸੀ ਲਗਾਉਣ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਦੁਪਹਿਰ ਉਸ ਨੂੰ ਆਪਣੇ ਮਾਲਕ ਦਾ ਫੋਨ ਆਇਆ ਕਿ ਉਸ ਨੇ ਕਣਕ ਦੀ ਬਿਜਾਈ ਕਰਨੀ ਹੈ, ਜਿਸ ਤੋਂ ਬਾਅਦ ਉਹ ਆਪਣੇ ਸਾਈਕਲ ‘ਤੇ ਘਰੋਂ ਨਿਕਲ ਗਿਆ। ਸ਼ਾਮ ਕਰੀਬ 6 ਵਜੇ ਉਸ ਦੀ ਮਾਂ ਨਾਲ ਗੱਲ ਹੋਈ। ਇਸ ਤੋਂ ਬਾਅਦ ਸ਼ਾਮ ਕਰੀਬ 7.30 ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਫੋਨ ਕਰਕੇ ਕਿਹਾ ਕਿ ਉਨ੍ਹਾਂ ਦਾ ਲੜਕਾ ਸੜਕ ‘ਤੇ ਮ੍ਰਿਤਕ ਪਿਆ ਹੈ। ਪਰਿਵਾਰ ਵਾਲਿਆਂ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਕਿ ਸੋਨੂੰ ਦੇ ਸਿਰ ‘ਤੇ ਸੱਟ ਲੱਗੀ ਹੋਈ ਸੀ। ਉਸ ਨੂੰ ਸ਼ੱਕ ਹੈ ਕਿ ਉਸ ਦੇ ਲੜਕੇ ਨੂੰ ਕਿਸੇ ਨੇ ਕਤਲ ਕਰਕੇ ਸੜਕ ’ਤੇ ਸੁੱਟ ਦਿੱਤਾ ਹੈ। ਸੋਨੂੰ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਉਹ ਕਿਰਾਏ ‘ਤੇ ਰਹਿ ਰਿਹਾ ਸੀ। ਮ੍ਰਿਤਕ ਦੀ ਮਾਂ ਰਾਜ ਅਤੇ ਦੋਸਤ ਰੋਬਿਨ ਮਸੀਹ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਕਾਹਨੂੰਵਾਨ ਥਾਣਾ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਨੂੰ ਦੇ ਮਾਮੇ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version