ਪੰਜਾਬ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ
ਸੂਬਾ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ
ਗੁਰਦਾਸਪੁਰ, 14 ਨਵੰਬਰ 2023 ( ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।
ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨਾਂ ਨੂੰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।