ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਰੀਵਿਊ

ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਰੀਵਿਊ
  • PublishedNovember 15, 2023

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਲੱਡ ਜੋਨ ਮੈਪਿੰਗ ਕਰਕੇ ਹੜ੍ਹ ਪ੍ਰਭਾਵਤ ਇਲਾਕਿਆਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ

ਬਿਆਸ ਦਰਿਆ ਦੇ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਦੇ ਨਾਲ ਕੁਝ ਥਾਵਾਂ ਤੋਂ ਬੰਨ ਨੂੰ 4 ਫੁੱਟ ਉੱਚਾ ਕੀਤਾ ਜਾਵੇਗਾ

ਗੁਰਦਾਸਪੁਰ, 15 ਨਵੰਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਫਲੱਡ ਜੋਨ ਮੈਪਿੰਗ ਕਰਵਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਤ ਖੇਤਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਸਕੇ। ਇਸ ਸਬੰਧੀ ਡਰੇਨਜ਼ ਵਿਭਾਗ ਵੱਲੋਂ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਸਰਕਾਰ ਵੱਲੋਂ ਇਹ ਫਲੱਡ ਜੋਨ ਏਰੀਆ ਨੋਟੀਫਾਈ ਕਰ ਦਿੱਤਾ ਜਾਵੇਗਾ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਫਲੱਡ ਦੇ ਕੰਮਾਂ ਦਾ ਰੀਵਿਊ ਕਰਨ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਬਿਆਸ ਤੇ ਰਾਵੀ ਕਾਰਨ ਕੁਝ ਇਲਾਕਿਆਂ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਕਾਫੀ ਮਾਲੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ’ਚ ਹੋਏ ਤਜ਼ਰਬੇ ਅਤੇ ਪਾਣੀ ਦੇ ਕੁਦਰਤੀ ਵਹਾਅ ਤੇ ਨੀਵੇਂ ਇਲਾਕਿਆਂ ਨੂੰ ਧਿਆਨ ਵਿੱਚ ਰੱਖ ਕੇ ਡਰੇਨਜ਼ ਵਿਭਾਗ ਵੱਲੋਂ ਫਲੱਡ ਜੋਨ ਮੈਪਿੰਗ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਫਲੱਡ ਜੋਨ ਖੇਤਰ ਜਦੋਂ ਨੋਟੀਫਾਈ ਹੋ ਜਾਵੇਗਾ ਤਾਂ ਉਸ ਵਿੱਚ ਕੋਈ ਵੀ ਉਸਾਰੀ ਕਰਨੀ ਗੈਰ-ਕਾਨੂੰਨੀ ਹੋਵੇਗੀ ਅਤੇ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਬਿਆਸ ਦਰਿਆ ਦੀ ਧੁੱਸੀ ਵਿੱਚ 5 ਪਾੜ ਪਏ ਸਨ ਜੋ ਕਿ ਸਾਰੇ ਹੀ ਪੂਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਦੇ ਨਾਲ ਕੁਝ ਇਲਾਕਿਆਂ ਵਿੱਚ ਧੁੱਸੀ ਬੰਨ ਨੂੰ 4 ਫੁੱਟ ਉੱਚਾ ਵੀ ਕੀਤਾ ਜਾਵੇਗਾ ਤਾਂ ਜੋ ਦਰਿਆ ਵਿੱਚ ਪਾਣੀ ਵੱਧਣ ਦੀ ਸੂਰਤ ਵਿੱਚ ਪਾਣੀ ਓਵਰਫਲੋਅ ਨਾ ਹੋ ਸਕੇ। ਇਸੇ ਤਰ੍ਹਾਂ ਹੀ ਦਰਿਆ ਰਾਵੀ ਦੇ ਧੁੱਸੀ ਬੰਨ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੌਰਾਨ ਜੋ ਸੜਕਾਂ, ਪੁੱਲਾਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ ਉਸਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਕੁਝ ਕੰਮਾਂ ਦੀ ਮਨਜ਼ੂਰੀ ਲਈ ਸਰਕਾਰ ਨੂੰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਜਿਨ੍ਹਾਂ ਵਿਅਕਤੀਆਂ ਦੀ ਫ਼ਸਲਾਂ, ਮਾਲ-ਡੰਗਰ ਅਤੇ ਘਰਾਂ ਆਦਿ ਦਾ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਵੀ ਮੁਆਵਜਾ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਕੋਈ ਵਿਅਕਤੀ ਮੁਆਵਜਾ ਲੈਣ ਤੋਂ ਵਾਝਾਂ ਰਹਿ ਗਿਆ ਹੋਵੇ ਤਾਂ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣੇ ਤਹਿਸੀਲ ਦਫ਼ਤਰ ਸੰਪਰਕ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਰੋਕੂ ਪ੍ਰਬੰਧਾਂ ਲਈ ਜੋ ਵੀ ਜਰੂਰੀ ਕੰਮ ਕਰਨ ਵਾਲੇ ਹਨ ਉਹ ਹੁਣ ਤੋਂ ਹੀ ਕਰਨੇ ਸ਼ੁਰੂ ਕਰ ਦੇਣ ਤਾਂ ਜੋ ਅਗਲੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਸਥਿਤੀ ਪੈਦਾ ਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸੇਮ ਨਾਲਿਆਂ ਨੂੰ ਸਾਫ ਕਰਨ ਦੇ ਨਾਲ ਉਨ੍ਹਾਂ ਵਿਚੋਂ ਨਜ਼ਾਇਜ ਕਬਜ਼ੇ ਹਟਾਏ ਜਾਣ। ਜਿਸ ਥਾਂ ਤੋਂ ਸੇਮ ਨਾਲੇ ਪੂਰ ਲਏ ਗਏ ਹਨ ਜਾਂ ਪੁੱਲੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਉਨ੍ਹਾਂ ਨੂੰ ਵੀ ਸਾਫ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੱਕ ਇਹ ਸਾਰੇ ਕੰਮ ਮੁਕੰਮਲ ਕਰ ਲਏ ਜਾਣ। ਮੀਟਿੰਗ ਦੌਰਾਨ ਹੜ੍ਹਾਂ ਦੀ ਸਮੁੱਚੀ ਸਥਿਤੀ ਅਤੇ ਬਚਾਅ ਕਾਰਜਾਂ ਦਾ ਰੀਵਿਊ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਲਕਸ਼ੈ ਕੁਮਾਰ, ਐਕਸੀਅਨ ਡਰੇਨਜ਼ ਸ. ਦਿਲਪ੍ਰੀਤ ਸਿੰਘ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ, ਤਹਿਸੀਲਦਾਰ ਗੁਰਦਾਸਪੁਰ ਸ੍ਰੀਮਤੀ ਰਾਜਵਿੰਦਰ ਕੌਰ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਹਿਰਦੇਪਾਲ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਰਜੀਵ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire