ਹੁਸ਼ਿਆਰਪੁਰ ਅੰਦਰ 867 ਕਰੋੜ ਦੇ ਕੰਮਾਂ ਦੀ ਹੋਵੇਗੀ ਸ਼ੁਰੂਆਤ ਅਤੇ ਕਈ ਮੁਕਮਲ ਪ੍ਰੋਜੇਕਟਾ ਨੂੰ ਕਰਨਗੇ ਲੋਕਾਂ ਦੇ ਸਮਰਪਿਤ
ਚੰਡੀਗੜ੍ਹ, 18 ਨਵੰਬਰ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਿਕਾਸ ਕ੍ਰਾਂਤੀ ਦਾ ਆਗਾਜ ਕਰਨ ਜਾ ਰਹੇ ਹਨ ਜਿਸ ਦੇ ਚਲਦੇ ਉਹ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਉਹ ਇਨ੍ਹਾਂ ਵਿੱਚੋਂ ਕਈ ਕੰਮਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਮੁਕੰਮਲ ਹੋਏ ਕੰਮਾਂ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਇਨ੍ਹਾਂ ਸਾਰੇ ਕੰਮਾਂ ਦਾ ਮਾਝੇ ਅਤੇ ਦੁਆਬੇ ਦੇ 10 ਦੇ ਕਰੀਬ ਵਿਧਾਨ ਸਭਾ ਹਲਕਿਆਂ ਨੂੰ ਫਾਇਦਾ ਹੋਣ ਵਾਲਾ ਹੈ।
CM ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਕਰੀਬ 12 ਵਜੇ ਹੁਸ਼ਿਆਰਪੁਰ ਪਹੁੰਚਣਗੇ। ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਭਰ ਤੋਂ ਪਹੁੰਚੇ ‘ਆਪ’ ਸਮਰਥਕਾਂ ਲਈ ਪਾਰਕਿੰਗ ਤੋਂ ਲੈ ਕੇ ਬੈਠਣ ਤੱਕ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹੁਸ਼ਿਆਰਪੁਰ ਤੋਂ ਇਲਾਵਾ ਆਸਪਾਸ ਦੇ ਇਲਾਕਿਆਂ ਤੋਂ ਵੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਗਲਤੀ ਨਾ ਹੋ ਸਕੇ ।
ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨਾਲ ਮਿਲ ਕੇ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਇਸ ਦੌਰਾਨ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ। ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਵੀ ਸੀਵਰੇਜ ਅਤੇ ਪਾਣੀ ਦੀ ਸਫਾਈ ਦੇ ਨਵੇਂ ਪ੍ਰੋਜੈਕਟ ਲੱਗਣ ਜਾ ਰਹੇ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਕੰਮ ਦਾ ਉਦਘਾਟਨ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਵੀ ਕਰਨਗੇ।