ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਗੁਰਦਾਸਪੁਰ ਸ਼ਹਿਰ ਦੀ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ

ਚੇਅਰਮੈਨ ਰਮਨ ਬਹਿਲ ਨੇ 15 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 18 ਨਵੰਬਰ 2023 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੀ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਦੀ ਪਿਛਲੇ 5 ਸਾਲ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਆਖਰਕਾਰ ਹੱਲ ਹੋ ਗਿਆ ਹੈ। ਇਨ੍ਹਾਂ ਦੋਵਾਂ ਕਲੋਨੀਆਂ ਦੇ ਵਸਨੀਕ ਆਈ.ਟੀ.ਆਈ. (ਲੜਕੇ) ਵਿਖੇ ਪਿਛਲੇ ਪੰਜ ਸਾਲ ਸਾਲ ਤੋਂ ਟਿਊਬਵੈੱਲ ਬੰਦ ਹੋਣ ਕਾਰਨ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਤੋਂ ਵਾਂਝੇ ਸਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਇਸ ਇਲਾਕੇ ਦੇ ਇਸ ਇਲਾਕੇ ਦੇ ਵਸਨੀਕਾਂ ਲਈ ਪਾਣੀ ਦੀ ਸਪਲਾਈ ਬਹਾਲ ਕਰਨ ਲਈ ਜਲ ਸਪਲਾਈ ਵਿਭਾਗ ਦੇ ਮੰਤਰੀ ਅਤੇ ਉੱਚ ਅਧਿਕਾਰੀਆਂ ਕੋਲ ਸੰਪਰਕ ਕੀਤਾ, ਜਿਸਦੇ ਸਿੱਟੇ ਵਜੋਂ ਜਲ ਸਪਲਾਈ ਵਿਭਾਗ ਵੱਲੋਂ ਇਸ ਸਬੰਧੀ ਵਿਸ਼ੇਸ਼ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਆਈ.ਟੀ.ਆਈ. (ਲੜਕੇ) ਦੇ ਨਜ਼ਦੀਕ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਨੂੰ ਪਾਣੀ ਦੀ ਸਪਲਾਈ ਬਹਾਲ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਪਾਣੀ ਸਪਲਾਈ ਨੂੰ ਚਾਲੂ ਕਰਨ ਲਈ ਪੰਜਾਬ ਸਰਕਾਰ ਵੱਲੋਂ 15 ਲੱਖ ਰੁਪਏ ਦਾ ਤਖਮੀਨਾ ਪਾਸ ਕੀਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ-ਪਠਾਕਨੋਕਟ ਰੋਡ ’ਤੇ 300 ਮੀਟਰ ਲੰਬਾਈ ਦੀ 200 ਐੱਮ.ਐੱਮ. ਡੀ.ਆਈ. ਕੇ-7 ਪਾਈਪ ਵਿਛਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੰਮ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਇਆ ਜਾਵੇਗਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਇਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਚਾਲੂ ਹੋਣ ਤੋਂ ਬਾਅਦ ਆਈ.ਟੀ.ਆਈ. ਵਿਖੇ 500 ਫੁੱਟ ਡੂੰਘੇ ਬੋਰ ਤੋਂ ਲਗਭਗ 450 ਘਰਾਂ ਨੂੰ ਪੀਣ ਲਈ ਸਾਫ਼ ਪਾਣੀ ਦੀ ਸਪਲਾਈ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਅਤੇ ਤਸੱਲੀ ਹੈ ਕਿ ਆਖਰਕਾਰ ਉਨ੍ਹਾਂ ਦੇ ਯਤਨਾਂ ਸਦਕਾ ਸੈਂਕੜੇ ਘਰਾਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਮੁਸ਼ਕਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ, ਬਲਾਕ ਪ੍ਰਧਾਨ ਮਨਦੀਪ ਕੌਰ, ਬਲਾਕ ਪ੍ਰਧਾਨ ਅਸ਼ਵਨੀ ਕੁਮਾਰ, ਬਲਾਕ ਪ੍ਰਧਾਨ ਕੁਲਦੀਪ ਕੁਮਾਰ, ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਸਤਪਾਲ ਕੌਰ, ਰਮੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।

Exit mobile version