ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬਟਾਲਾ/ਗੁਰਦਾਸਪੁਰ, 22 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version