ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ
ਗੁਰਦਾਸਪੁਰ, 23 ਨਵੰਬਰ 2023 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਵੀ ਕੀਤਾ।
ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬੇ ਦਾ ਵਿਕਾਸ ਸ਼ੁਰੂ ਕਰ ਦਿੱਤਾ ਸੀ ਅਤੇ ਹਰ ਖੇਤਰ ਵਿੱਚ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਸੇਖਵਾਂ ਨੇ ਕਿਹਾ ਕਿ ਅੱਜ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਇਸ ਮੌਕੇ ਉਨ੍ਹਾਂ ਨਾਲ ਬੀ.ਡੀ.ਪੀ.ਓ ਕੁਲਵੰਤ ਸਿੰਘ, ਡਾ. ਜਸਪਾਲ ਸਿੰਘ ਪੰਧੇਰ (ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ), ਮੋਹਨ ਸਿੰਘ (ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ), ਹਰਜੀਤ ਸਿੰਘ, ਡਾ. ਰਕੇਸ਼ ਕਾਲੀਆ, ਬਲਵਿੰਦਰ ਸਿੰਘ ਸੋਨਾ ਬਾਜਵਾ, ਗੁਰਮੇਜ ਸਿੰਘ, ਮਨਿੰਦਰਪਾਲ ਸਿੰਘ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਕਮਲਜੀਤ ਸਿੰਘ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।