ਸੁਰੇਂਦਰ ਲਾਂਬਾ ਨੇ ਐਸ. ਐਸ. ਪੀ ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲਿਆ
ਕਿਹਾ, ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਜ਼ਿਲ੍ਹਾ ਵਾਸੀਆਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕਰਨਾ ਪਹਿਲੀ ਤਰਜੀਹ
ਹੁਸ਼ਿਆਰਪੁਰ, 23 ਨਵੰਬਰ 2023 (ਦੀ ਪੰਜਾਬ ਵਾਇਰ)। 2013 ਬੈਚ ਦੇ ਆਈ. ਪੀ. ਐਸ ਅਫਸਰ ਸੁਰੇਂਦਰ ਲਾਂਬਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਐਸ. ਐਸ. ਪੀ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸੰਗਰੂਰ ਜ਼ਿਲ੍ਹੇ ਦੇ ਐਸ. ਐਸ. ਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਪਣੇ ਦਫ਼ਤਰ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਹੁਸ਼ਿਆਰਪੁਰ ਇਕ ਸੰਵੇਦਨਸ਼ੀਲ ਜ਼ਿਲ੍ਹਾ ਹੈ ਅਤੇ ਇਥੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਪਰਾਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਜਲਦ ਅਤੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸ਼ਿਕਾਇਤ ਸਬੰਧਤ ਥਾਣੇ ਜਾਂ ਚੌਕੀ ਵਿਚ ਹੀ ਦਰਜ ਕਰਵਾਉਣ ਅਤੇ ਜੇਕਰ ਉਥੇ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਹੀ ਉਹ ਐਸ. ਐਸ. ਪੀ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਚੌਕੀਆਂ ਅਤੇ ਥਾਣਿਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਫਿਰਕੂ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਪਹਿਲਾ ਕੰਮ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ’ਚੋਂ ਬਾਹਰ ਕੱਢਣ ਦਾ ਕੀਤਾ ਜਾਵੇਗਾ ਅਤੇ ਦੂਜਾ ਕੰਮ ਨਸ਼ਿਆਂ ਨੂੰ ਪੈਸੇ ਕਮਾਉਣ ਦਾ ਧੰਦਾ ਬਣਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੋਵੇਗਾ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਪਹੁੰਚਣ ’ਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਸਮੂਹ ਆਹਲਾ ਅਧਿਕਾਰੀ ਹਾਜ਼ਰ ਸਨ।