ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਬੇਰੀ ਵਿਖੇ 4000 ਪੌਦਿਆਂ ਵਾਲੇ ਜੰਗਲ ਦਾ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਂ ਹੇਠ ਰਕਬੇ ਵਿੱਚ ਕੀਤਾ ਜਾ ਰਿਹਾ ਹੈ ਵਾਧਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 25 ਨਵੰਬਰ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਂ ਹੇਠ ਰਕਬੇ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਬੇਰੀ ਵਿਖੇ ਮੀਆਂ ਬਾਕੀ ਜੰਗਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਜੰਗਲ ਦਾ ਨੀਂਹ ਪੱਥਰ ਰੱਖਣ ਮੌਕੇ ਚੇਅਰਮੈਨ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਵਲ ਲਹਿਰ ਤਹਿਤ ਪਿੰਡ ਬੇਰੀ ਦੇ ਇਸ ਜੰਗਲ ਵਿੱਚ 4000 ਬੂਟੇ ਲਗਾਏ ਜਾਣਗੇ ਜਿੰਨਾਂ ਵਿੱਚ ਫ਼ਲਦਾਰ ਬੂਟੇ ਵੀ ਹੋਣਗੇ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਲਮੀ ਤਪਸ ਵੱਧਣ ਕਾਰਨ ਦਿਨੋਂ-ਦਿਨ ਵਾਤਾਵਰਨ ਵਿੱਚ ਵੱਡੀਆਂ ਤਬਦੀਲੀਆਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਏਵੇਂ ਹੀ ਆਲਮੀ ਤਪਸ ਵਿੱਚ ਵਾਧਾ ਹੁੰਦਾ ਰਿਹਾ ਤਾਂ ਧਰਤੀ ਉੱਪਰ ਮਨੁੱਖਤਾ ਸਮੇਤ ਹਰ ਜੀਵ ਜੰਤੂ ਲਈ ਕਠਨ ਪ੍ਰਸਥਿਤੀਆਂ ਪੈਦਾ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਵੀ ਮੌਸਮ ਦੀਆਂ ਵੱਡੀਆਂ ਤਬਦੀਲੀਆਂ ਕਾਰਨ ਕਈ ਤਰਾਂ ਦੀਆਂ ਆਫ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਲਮੀ ਤਪਸ ਨੂੰ ਘੱਟ ਕਰ ਦਾ ਇੱਕੋ ਇੱਕ ਤਰੀਕਾ ਵੱਧ ਤੋਂ ਵੱਧ ਪੌਦੇ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮਨੁੱਖਤਾ ਅਤੇ ਵਾਤਾਵਰਨ ਪ੍ਰਤੀ ਆਪਣਾ ਫ਼ਰਜ ਨਿਭਾਉਂਦਿਆਂ ਸੂਬੇ ਵਿੱਚ ਜੰਗਲਾਂ ਹੇਠ ਰਕਬਾ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬੇਰੀ ਦਾ ਮੀਆਂ ਬਾਕੀ ਜੰਗਲ ਵੀ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜੰਗਲ ਦੀ ਸੰਭਾਲ ਕਰਨ ਦੇ ਨਾਲ ਹੋਰ ਵੀ ਪੌਦੇ ਲਗਾਉਣ।

Exit mobile version