ਲੋਕਾਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕਰਕੇ ਬੱਸ ਸਟੈਂਡ ਦੇ ਉਦਘਾਟਨ ਨੂੰ ਵਾਰ-ਵਾਰ ਟਾਲਿਆ ਜਾ ਰਿਹਾ ਹੈ- ਵਿਧਾਇਕ ਪਾਹੜਾ
ਸਰਕਾਰ ਨੂੰ ਰਾਜਨੀਤੀ ਕਰਨ ਦੀ ਬਜਾਏ ਲੋਕਾਂ ਦੀ ਸਹੂਲਤ ਵੱਲ ਧਿਆਨ ਦੇਣਾ ਚਾਹੀਦਾ ਹੈ
ਗੁਰਦਾਸਪੁਰ, 26 ਨਵੰਬਰ 2023 (ਦੀ ਪੰਜਾਬ ਵਾਇਰ)। ਮੌਜੂਦਾ ਸਰਕਾਰ ਵੱਲੋਂ ਗੁਰਦਾਸਪੁਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਬੱਸ ਸਟੈਂਡ ਦੇ ਉਦਘਾਟਨ ਨੂੰ ਵਾਰ-ਵਾਰ ਟਾਲ ਕੇ ਲੋਕਾਂ ਨੂੰ ਇੱਕ ਵੱਡੀ ਸਹੂਲਤ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਵਿਧਾਇਕ ਪਾਹੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਇਸ ਬੱਸ ਅੱਡੇ ਦਾ ਨਿਰਮਾਣ ਕਰਵਾਇਆ ਹੈ। ਜਿਸ ਲਈ ਉਨ੍ਹਾਂ ਨੇ ਆਪਣੀ ਸਰਕਾਰ ‘ਚ ਹੀ 100 ਫੀਸਦੀ ਰਾਸ਼ੀ ਜਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਦੇ ਰੱਖ-ਰਖਾਅ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਪਰ ਮੌਜੂਦਾ ਸਰਕਾਰ ਵੱਲੋਂ ਬੱਸ ਸਟੈਂਡ ਦੇ ਉਦਘਾਟਨ ਨੂੰ ਵਾਰ-ਵਾਰ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਅੱਡਾ ਸ਼ਹਿਰ ਵਿੱਚ ਟ੍ਰੈਫਿਕ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦਾ ਮੌਜੂਦਾ ਬੱਸ ਅੱਡਾ 14 ਬੱਸਾਂ ਦਾ ਹੈ। ਜਦੋਂ ਕਿ ਇਸ ਨੂੰ 21 ਸਾਲਾਂ ਲਈ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਬਣਾਇਆ ਗਿਆ ਹੈ ਤਾਂ ਜੋ ਅਗਲੇ 50 ਸਾਲਾਂ ਤੱਕ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਪਰ ਆਮ ਆਦਮੀ ਪਾਰਟੀ ਸਿਆਸਤ ਕਰਨ ਲਈ ਇਸ ਬੱਸ ਸਟੈਂਡ ਦੇ ਉਦਘਾਟਨ ਨੂੰ ਵਾਰ-ਵਾਰ ਟਾਲ ਰਹੀ ਹੈ।
ਪਾਹੜਾ ਨੇ ਕਿਹਾ ਕਿ ਜਿਵੇਂ ਆਮ ਆਦਮੀ ਪਾਰਟੀ ਦੇ ਆਗੂ ਦਾਅਵਾ ਕਰਦੇ ਹਨ ਕਿ ਉਹ ਆਮ ਲੋਕਾਂ ਤੋਂ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਅਪੀਲ ਹੈ ਕਿ ਗੁਰਦਾਸਪੁਰ ਦੇ ਇਸ ਵੱਡੇ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਦੀ ਉਡੀਕ ਕਰਦੇ ਹੋਏ ਵਾਰ-ਵਾਰ ਟਾਲਣ ਦੀ ਬਜਾਏ ਕਿਸੇ ਆਮ ਆਦਮੀ ਤੋਂ ਹੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਇਸ ਵੱਡੇ ਬੱਸ ਸਟੈਂਡ ਦਾ ਉਦਘਾਟਨ ਨਾ ਕੀਤਾ ਗਿਆ ਤਾਂ ਸੰਭਾਵਨਾ ਹੈ ਕਿ ਲੋਕ ਇਸ ਨੂੰ ਚਾਲੂ ਕਰਵਾਉਣ ਲਈ ਸੰਘਰਸ਼ ਦਾ ਰਾਹ ਅਪਣਾ ਸਕਦੇ ਹਨ ਕਿਉਂਕਿ ਬੱਸ ਸਟੈਂਡ ਦਾ ਉਦਘਾਟਨ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।