ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 27 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਜੇਕਰ ਸਹਾਇਤਾ ਗ੍ਰਾਂਟ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੀ ਤਿੰਨ ਸਾਲ ਦੀ ਪ੍ਰਗਤੀ ਰੀਪੋਰਟ 10 ਦਸੰਬਰ 2023 ਤੱਕ ਸ਼ਹੀਦ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਥਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਗੁਰਦਾਸਪੁਰ ਦੇ ਮੋਬਾਇਲ ਨੰਬਰ 90562-32798 ’ਤੇ ਸੰਪਰਕ ਕੀਤਾ ਜਾ ਸਕਦਾ ਹੈ।