Close

Recent Posts

ਗੁਰਦਾਸਪੁਰ ਪੰਜਾਬ

ਅਖੀਰ ਇੰਤਜ਼ਾਰ ਹੋਇਆ ਖਤਮ: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਹੋਰ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਅਖੀਰ ਇੰਤਜ਼ਾਰ ਹੋਇਆ ਖਤਮ: ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 2 ਦਸੰਬਰ ਨੂੰ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਹੋਰ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
  • PublishedNovember 28, 2023

ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ

ਗੁਰਦਾਸਪੁਰ, 28 ਨਵੰਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਹਫ਼ਤੇ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੇ ਨਾਲ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਜਾਣਗੇ। ਇਸ ਉਪਰੰਤ ਉਨ੍ਹਾਂ ਵੱਲੋਂ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੀ ਆਮਦ ਗੁਰਦਾਸਪੁਰ ਵਿਖੇ ਆਮਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸਮਾਗਮ ਦੀ ਸਫ਼ਲਤਾ ਲਈ ਗਠਤ ਕੀਤੀਆਂ ਵੱਖ-ਵੱਖ ਕਮੇਟੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 2 ਦਸੰਬਰ ਦਾ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਇਤਿਹਾਸਕ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਨਵਾਂ ਬੱਸ ਅੱਡਾ ਗੁਰਦਾਸਪੁਰ ਲੋਕ ਅਰਪਣ ਕਰਨ ਦੇ ਨਾਲ ਜ਼ਿਲ੍ਹੇ ਦੇ ਹੋਰ ਵੀ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਸ ਸਟੈਂਡ ਦੇ ਨਜ਼ਦੀਕ ਹੀ ਬਾਈਪਾਸ ਦੇ ਨਾਲ ਇੰਪਰੂਵਮੈਂਟ ਟਰੱਸਟ ਦੀ ਥਾਂ ਵਿੱਚ ਇੱਕ ਵੱਡੀ ਜਨਤਕ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਲੋਕ ਸਭਾ ਤੇ ਰਾਜ ਸਭਾ ਮੈਂਬਰ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੱਸ ਸਟੈਂਡ ਅਤੇ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਪੰਡਾਲ, ਵੱਖ-ਵੱਖ ਬਲਾਕਾਂ, ਸੁਰੱਖਿਆ, ਸਟੇਜ, ਮੈਡੀਕਲ ਸਹੂਲਤਾਂ, ਪਾਰਕਿੰਗ, ਟਰੈਫਿਕ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਂ ਰਹਿੰਦੇ ਆਪਣੇ ਜਿੰਮੇ ਦੇ ਸਾਰੇ ਪ੍ਰਬੰਧ ਪੂਰੇ ਕਰ ਲੈਣ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਸ੍ਰੀ ਰਜੀਵ ਸ਼ਰਮਾਂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਲਕਸ਼ੈ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਤਹਿਸੀਲਦਾਰ ਗੁਰਦਾਸਪੁਰ ਸ੍ਰੀਮਤੀ ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Written By
The Punjab Wire