ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ
ਗੁਰਦਾਸਪੁਰ, 29 ਨਵੰਬਰ 2023 (ਦੀ ਪੰਜਾਬ ਵਾਇਰ)। ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 31 ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਫਾਇਦਾ ਹਰ ਵਿਅਕਤੀ ਉਠਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਦੇ ਵਸਨੀਕ ਵੀ ਆਪਣੇ ਸ਼ਹਿਰ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜਰੂਰੀ ਹਨ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਉਠਾਉਣ।
ਯੋਗਾ ਕਲਾਸਾਂ ਦੇ ਸੁਪਰਵਾਇਜ਼ਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦੇ ਵਿੱਚ ਪੁੱਡਾ ਐਵਨਿਊ, ਐਗਰੀਕਲਚਰ ਫਾਰਮ, ਫਿਸ਼ ਪਾਰਕ, ਰੇਲਵੇ ਕਲੋਨੀ ਪਾਰਕ, ਡਾਕਟਰ ਅੰਬੇਦਕਰ ਨਗਰ, ਸਰਕਾਰੀ ਕਾਲਜ, ਮਾਈ ਕਾ ਮੰਦਰ, ਗੀਤਾ ਭਵਨ, ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ-07 ਆਦਿ ਥਾਵਾਂ ’ਤੇ ਰੋਜ਼ਾਨਾ ਸਵੇਰੇ-ਸ਼ਾਮ ਮੁਫਤ ਯੋਗ ਕਲਾਸਾਂ ਚੱਲ ਰਹੀਆਂ ਹਨ।