ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਜਾਂਚ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀਆਂ 3 ਘਟਨਾਵਾਂ ‘ਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ
ਚੌਥੇ ਦੋਸ਼ੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਗ੍ਰਿਫਤਾਰੀ
ਚੰਡੀਗੜ੍ਹ, 1 ਦਸੰਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਮ ਦੇ ਵਿਅਕਤੀ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 02 ਈਐਚ 0009 ਹੈ, ਵੀ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਆਈਜੀ ਸੰਦੀਪ ਗੋਇਲ ਦੀ ਅਗਵਾਈ ‘ਚ ਏ.ਜੀ.ਟੀ.ਐਫ ਦੀ ਟੀਮ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ, ਜਦਕਿ ਤੀਜੇ ਦੋਸ਼ੀ ਅਲਤਮਿਸ ਨੂੰ ਸਮਾਣਾ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਨੇ ਸਹਿਯੋਗ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਤਿੰਨ ਵਾਰਦਾਤਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ।
ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 235 ਮਿਤੀ 16/11/2023 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।