ਜਗਰੂਪ ਸਿੰਘ ਸੇਖਵਾਂ ਨੇ 1854 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਦਿੱਲੀ ਦੇ ਮੁੱਖ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਕੀਤਾ ਵਿਸ਼ੇਸ਼ ਸਨਮਾਨ
ਗੁਰਦਾਸਪੁਰ, 3 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਬੀਤੇ ਕੱਲ ਗੁਰਦਾਸਪੁਰ ਵਿਖੇ ਹੋਈ ਵਿਕਾਸ ਕ੍ਰਾਂਤੀ ਰੈਲੀ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਇਤਿਹਾਸਕ ਮੌਕਾ ਕਰਾਰ ਦਿੱਤਾ ਹੈ। ਸ. ਸੇਖਵਾਂ ਨੇ 1854 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਜਗਰੂਪ ਸਿੰਘ ਸੇਖਵਾਂ ਵੱਲੋਂ ਦਿੱਲੀ ਦੇ ਮੁੱਖ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਲੋਕ ਸਭਾ ਹਲਕਾ ਗੁਰਦਾਸਪੁਰ ਲਈ ਬੀਤੇ ਦਿਨ ਨੂੰ ਯਾਦਗਾਰੀ ਦਿਨ ਕਰਾਰ ਦਿੰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ ਹੈ, ਉਸ ਨਾਲ ਪੰਜਾਬ ਸਰਕਾਰ ਇਸ ਖੇਤਰ ਲਈ ਨਵੇਂ ਅਤੇ ਪ੍ਰਗਤੀਸ਼ੀਲ ਦੌਰ ਦੀ ਸ਼ੁਰੂਆਤ ਕਰ ਰਹੀ ਹੈ।
ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਸ. ਸੇਖਵਾਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਨਵਾਂ ਬੱਸ ਅੱਡਾ ਬਣਾਉਣਾ ਸਮੇਂ ਦੀ ਲੋੜ ਸੀ ਅਤੇ ਇਸ ਨਾਲ ਲੋਕਾਂ ਦੀ ਟ੍ਰੈਫਿਕ ਸਮੱਸਿਆ ਦੂਰ ਹੋਵੇਗੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਤਿਕਾਰ ਵਿੱਚ ਉਨ੍ਹਾਂ ਦੇ ਨਾਮ ਉੱਤੇ ਨਵਾਂ ਬੱਸ ਸਟੈਂਡ ਬਣਾਉਣਾ ਸਰਕਾਰ ਦਾ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਦਿੱਤੇ ਇਸ ਤੋਹਫੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਸ. ਸੇਖਵਾਂ ਨੇ ਕਿਹਾ ਕਿ ਪਨਿਆੜ ਅਤੇ ਬਟਾਲਾ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਵਿੱਚ ਵਾਧਾ ਹੋਣ ਨਾਲ ਮਾਝਾ ਖੇਤਰ ਦੇ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਇਹ ਵਾਧਾ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਕੱਢ ਕੇ ਗੰਨੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਮਿੱਲਾਂ ਦਾ ਯੋਗਦਾਨ ਨਿਸ਼ਚਿਤ ਤੌਰ `ਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਬੀਤੇ ਕੱਲ ਗੁਰਦਾਸਪੁਰ ਵਿਖੇ ਹੋਈ ਵਿਕਾਸ ਦੀ ਸ਼ੁਰੂਆਤ ਜ਼ਿਲ੍ਹੇ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਏਗੀ।