ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਨੂੰ ਦਵਾਈਆਂ ਵੰਡੀਆਂ
ਪੰਜਾਬ ਸਰਕਾਰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਵਚਨਬੱਧ : ਰਮਨ ਬਹਿਲ
ਗੁਰਦਾਸਪੁਰ, 4 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਕੇਂਦਰਾਂ ਵਿਚੋਂ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੇ ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਨੂੰ ਦਵਾਈਆਂ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਥੇ ਐਲੋਪੈਥੀ ਤੇ ਹੋਮੀਓਪੈਥੀ ਇਲਾਜ ਵਿਧੀਆਂ ਰਾਹੀਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਓਥੇ ਆਯੂਰਵੈਦਿਕ ਅਤੇ ਯੂਨਾਨੀ ਵਿਧੀਆਂ ਦੇ ਇਲਾਜ ਨੂੰ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਯੂਰਵੈਦਿਕ ਇਲਾਜ ਪ੍ਰਣਾਲੀ ਭਾਰਤ ਦੀ ਪ੍ਰਾਚੀਨ ਅਤੇ ਕਾਰਗਰ ਇਲਾਜ ਵਿਧੀ ਹੈ ਅਤੇ ਇਸ ਨਾਲ ਬਿਨ੍ਹਾਂ ਕਿਸੇ ਸਾਈਡ-ਇਫੈਕਟ ਰੋਗਾਂ ਦਾ ਇਲਾਜ ਕੀਤਾ ਜਾ ਸਕਦਾ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ 34 ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਨੂੰ 73 ਤਰ੍ਹਾਂ ਦੀਆਂ ਦਵਾਈਆਂ ਵੰਡੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸੈਂਟਰਾਂ ਵਿੱਚ ਇਲਾਜ ਲਈ ਆਉਂਦੇ ਮਰੀਜ਼ਾਂ ਦਾ ਸਹੀ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੈਂਟਰ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਵਿੱਚ ਜਿਥੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਓਥੇ ਪੰਜਾਬ ਸਰਕਾਰ ਵੱਲੋਂ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਯੋਗਾ ਦੇ ਮਾਹਿਰਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ ਜੋ ਹਰ ਰੋਜ਼ ਯੋਗਾ ਦੀਆਂ ਕਲਾਸਾਂ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕ ਦਿਨੋ-ਦਿਨ ਯੋਗਾ ਨਾਲ ਜੁੜ ਕੇ ਬਿਮਾਰੀਆਂ ਤੋਂ ਨਿਯਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ।
ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਜ਼ਿਲ੍ਹਾ ਆਯੂਸ਼ ਅਫ਼ਸਰ ਡਾ. ਪਰਦੀਪ ਸਿੰਘ, ਡੀ.ਐੱਮ.ਸੀ. ਡਾ. ਰੋਮੀ ਰਾਜਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।