Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ
  • PublishedDecember 4, 2023

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 4 ਦਸੰਬਰ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Written By
The Punjab Wire