Punjab ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 21 ਹੋਰ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ – ਰਮਨ ਬਹਿਲ

ਪੰਜਾਬ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 21 ਹੋਰ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ – ਰਮਨ ਬਹਿਲ
  • PublishedDecember 5, 2023

6 ਨਵੇਂ ਬਣੇ ਆਮ ਆਦਮੀ ਕਲੀਨਿਕਾਂ ਨੂੰ ਵੀ ਜਲਦ ਕੀਤਾ ਜਾਵੇਗਾ ਲੋਕ ਅਰਪਣ

ਇਸ ਸਮੇਂ ਜ਼ਿਲ੍ਹੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ

ਗੁਰਦਾਸਪੁਰ, 5 ਦਸੰਬਰ 2023( ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲਿਆਂ ਤਹਿਤ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ 21 ਹੋਰ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਨ ਵਾਲੇ 21 ਹੋਰ ਆਮ ਆਦਮੀ ਕਲੀਨਿਕਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਤਿੱਬੜ, ਹਯਾਤਨਗਰ ਅਤੇ ਗਹੋਤ ਪੋਖਰ ਵਿਖੇ ਵੀ ਨਵੇਂ ਕਲੀਨਿਕ ਬਣਨਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸਰਹੱਦੀ ਜ਼ਿਲੇ ਗੁਰਦਾਸਪੁਰ ਵਿੱਚ ਇਸ ਸਮੇਂ 35 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨਾਂ ਵਿੱਚੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਆਮ ਲੋਕ ਲਾਭ ਉਠਾ ਰਹੇ ਹਨ। ਇਸ ਤੋਂ ਇਲਾਵਾ 6 ਹੋਰ ਨਵੇਂ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ ਜਿਨਾਂ ਦਾ ਉਦਘਾਟਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ 21 ਨਵੇਂ ਮਨਜ਼ੂਰ ਕੀਤੇ ਗਏ ਆਮ ਆਦਮੀ ਕਲੀਨਿਕ ਵੀ 15 ਜਨਵਰੀ 2024 ਤੱਕ ਤਿਆਰ ਹੋ ਜਾਣਗੇ।  

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ’ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।  

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਨਾ ਸਿਰਫ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ ਬਲਕਿ ਇਸ ਨਾਲ ਮੈਡੀਕਲ ਖੇਤਰ ਵਿੱਚ ਬਹੁਤ ਸਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਰੁਜ਼ਗਾਰ ਵੀ ਮਿਲਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕਾਂ ਦੇ ਮਾਡਲ ਦੀ ਸਫ਼ਲਤਾ ਦੀ ਅੰਤਰਰਾਸ਼ਟਰੀ ਪੱਧਰ ਤੱਕ ਚਰਚਾ ਹੋ ਰਹੀ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Written By
The Punjab Wire