ਚੰਡੀਗੜ੍ਹ, 7 ਦਿਸਬੰਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਹਤ ਸਹੂਲਤਾਂ ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਸਹੂਲਤਾਂ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 100 ਆਮ ਆਦਮੀ ਕਲੀਨਿਕ ਜੋ ਮੁਕੰਮਲ ਹੋ ਚੁੱਕੇ ਹਨ, ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਸੂਬੇ ਵਿੱਚ ਬਣ ਰਹੇ ਮੈਡੀਕਲ ਕਾਲਜ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਤੋਂ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਸਵਾਈਨ ਫਲੂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਹਸਪਤਾਲਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।