ਗੁਰਦਾਸਪੁਰ, 8 ਦਸੰਬਰ 2023 (ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਗੁਰਦਾਸਪੁਰ ਤੇ ਬਟਾਲਾ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਵਧਾਈ ਜਾ ਰਹੀ ਹੈ। ਇਨ੍ਹਾਂ ਮਿੱਲਾਂ ਦੀ ਸਮਰੱਥਾ ਵਧਣ ਨਾਲ ਜ਼ਿਲ੍ਹੇ ਗੁਰਦਾਸਪੁਰ ਦੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਕਿਸਾਨ ਆਰਥਿਕ ਤੌਰ `ਤੇ ਮਜ਼ਬੂਤ ਹੋਣਗੇ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 402 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੀ ਪਿੜਾਈ ਸਮਰੱਥਾ 2000 ਟੀ.ਸੀ.ਡੀ. ਤੋਂ ਵਧਾ ਕੇ 5000 ਟੀ.ਸੀ.ਡੀ. ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸ਼ੂਗਰ ਮਿੱਲ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ ਇੱਕ 120 ਕੇ.ਐਲ.ਪੀ.ਡੀ ਈਥਾਨੋਲ ਪਲਾਂਟ ਵੀ ਲਗਾਇਆ ਜਾ ਰਿਹਾ ਹੈ। ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਜਨਰਵੀ 2024 ਵਿੱਚ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ ਅਤੇ ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਸ਼ੂਗਰ ਮਿੱਲ ਪੂਰੀ ਤਰ੍ਹਾਂ ਪਾਵਰ ਸਰਪਲੱਸ ਹੋ ਜਾਵੇਗੀ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 296 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਬਟਾਲਾ ਨੂੰ ਵੀ ਅਪਗਰੇਡ ਕਰਕੇ 3500 ਟੀ.ਸੀ.ਡੀ. ਕੀਤਾ ਜਾ ਰਿਹਾ ਹੈ। ਸਹਿਕਾਰੀ ਖੰਡ ਮਿੱਲ ਬਟਾਲਾ ਦੇ ਅਪਗਰੇਡੇਸ਼ਨ ਪ੍ਰੋਜੈਕਟ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਕੋ ਜਨਰੇਸ਼ਨ ਪਲਾਂਟ ਵੀ ਲਗਾਇਆ ਜਾ ਰਿਹਾ ਹੈ ਜੋ ਕਿ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ।
ਚੇਅਰਮੈਨ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਮਿੱਲਾਂ ਦੀ ਸਮਰੱਥਾ ਵੱਧਣ ਨਾਲ ਇਲਾਕੇ ਦੇ ਗੰਨਾ ਕਾਸਤਕਾਰਾਂ ਦਾ ਸਾਰਾ ਗੰਨਾ ਪੀੜਿਆ ਜਾ ਸਕੇਗਾ ਜਿਸ ਨਾਲ ਗੰਨਾਂ ਕਾਸਤਕਾਰਾਂ ਨੂੰ ਵਿੱਤੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਤੇ ਗੰਨਾ ਕਾਸਤਕਾਰਾਂ ਵੱਲੋਂ ਬਾਹਰਲੀਆਂ ਮਿੱਲਾਂ ਵਿੱਚ ਸਪਲਾਈ ਕੀਤੇ ਜਾ ਰਹੇ ਗੰਨੇ ਦੀ ਢੋਆ-ਢੁਆਈ
ਤੇ ਖਰਚੇ ਜਾ ਰਹੇ ਕਰੋੜਾਂ ਰੁਪਏ ਦੀ ਬਚਤ ਵੱਖਰੀ ਹੋਵੇਗੀ। ਉਨ੍ਹਾਂ ਮਿੱਲਾਂ ਦੀ ਸਮਰੱਥਾ ਵਧਾਉਣ ਦੇ ਪ੍ਰੋਜੈਕਟ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।