ਪਟਿਆਲਾ, 8 ਦਿਸੰਬਰ 2023 (ਦੀ ਪੰਜਾਬ ਵਾਇਰ)। ਜੇਲ ‘ਚ ਬੰਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੇ ਸ਼ੁੱਕਰਵਾਰ ਸਵੇਰੇ 5 ਦਸੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਖਤਮ ਕਰ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਤੋਂ ਲਿਆਂਦਾ ਗਿਆ ਪਾਣੀ ਪੀਣ ਲਈ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਖ਼ਤਮ ਕਰਵਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਾਹੀਂ ਇੱਕ ਉੱਚ ਪੱਧਰੀ ਵਫ਼ਦ ਨੇ ਜੇਲ੍ਹ ਵਿਭਾਗ ਤੋਂ ਰਾਜੋਆਣਾ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਵੇਰੇ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਹੀ ਰਾਜੋਆਣਾ ਨੇ ਪਾਣੀ ਪੀ ਕੇ ਆਪਣੀ ਹੜਤਾਲ ਖਤਮ ਕਰ ਦਿੱਤੀ।