‘ਆਪ’ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ 8000 ਕਰੋੜ ਰੁਪਏ ਦੀ ਵਰਤੋਂ ਅਜੇ ਤੱਕ ਨਹੀਂ ਕੀਤੀ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, 09 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਿੱਤੀ ਸਾਲ 2023-24 ਵਿੱਚ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਗਈਆਂ ਗ੍ਰਾਂਟਾਂ ਦੀ ਵਰਤੋਂ ਕਰਨ ਵਿੱਚ ਪੂਰੀ ਤਰਾਂ ਅਸਫਲ ਰਹਿਣ ਲਈ ਝਾੜ ਪਾਈ ਹੈ।
ਬਾਜਵਾ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ 11000 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਪਰ ਸਰਕਾਰ ਨੇ ਮੁਸ਼ਕਿਲ ਨਾਲ 3000 ਕਰੋੜ ਰੁਪਏ ਦੀ ਵਰਤੋਂ ਕੀਤੀ। ਇਸ ਦੌਰਾਨ, ਇਸ ਨੂੰ ਕੋਈ ਸੁਰਾਗ ਨਹੀਂ ਹੈ ਕਿ 8000 ਕਰੋੜ ਰੁਪਏ ਨੂੰ ਖ਼ਤਮ ਹੋਣ ਤੋਂ ਕਿਵੇਂ ਬਚਾਇਆ ਜਾਵੇ ਕਿਉਂਕਿ ਇਹ ਵਿੱਤੀ ਸਾਲ ਚਾਰ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਖ਼ਤਮ ਹੋ ਰਿਹਾ ਹੈ।
ਬਾਜਵਾ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਇੱਕ ਮੀਟਿੰਗ ਬੁਲਾਈ ਹੈ ਅਤੇ ਸਾਰੇ ਵਿਭਾਗਾਂ ਦੇ ਸਕੱਤਰਾਂ ਤੋਂ 8,000 ਕਰੋੜ ਰੁਪਏ ਕੇਂਦਰ ਨੂੰ ਵਾਪਸ ਹੋਣ ਤੋਂ ਬਚਾਉਣ ਲਈ ਸੁਝਾਅ ਮੰਗੇ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਬ੍ਰਾਂਡਿੰਗ ਦੇ ਮੁੱਦਿਆਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਨਾਮ ਬਦਲ ਕੇ ਆਮ ਆਦਮੀ ਕਲੀਨਿਕਾਂ ਕਰਨ ਕਰ ਕੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ 650 ਕਰੋੜ ਰੁਪਏ ਦੇ ਫ਼ੰਡ ਪਹਿਲਾਂ ਹੀ ਰੋਕ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਪਹਿਲਾਂ ਹੀ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਹੈ। ਭਾਵੇਂ ਇਸ ਨੇ ਸੂਬੇ ‘ਤੇ ਕਰਜ਼ੇ ਦਾ ਬੋਝ ਘਟਾਉਣ ਦੇ ਕਈ ਦਾਅਵੇ ਕੀਤੇ ਸਨ ਪਰ ਪੰਜਾਬ ਸਰਕਾਰ ਨੇ ਇਸ ਮਹੀਨੇ ਫਿਰ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ 941 ਕਰੋੜ ਰੁਪਏ ਦਾ ਕਰਜ਼ਾ ਲਿਆ। ਬਾਜਵਾ ਨੇ ਕਿਹਾ ਕਿ ਨਵੰਬਰ ‘ਚ ਹੀ ‘ਆਪ’ ਸਰਕਾਰ ਨੇ 4450 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜੂਨ 2022 ‘ਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਵਿੱਤ ‘ਤੇ ਆਪਣਾ ਵਾਈਟ ਪੇਪਰ ਜਾਰੀ ਕੀਤਾ ਸੀ ਤਾਂ ਉਸ ਨੇ ਸੂਬੇ ਦੇ ਭਾਰੀ ਕਰਜ਼ੇ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕਰਜ਼ੇ ਦੇ ਬੋਝ ਨੂੰ ਘੱਟ ਕਰਨ ਲਈ ਕੀ ਕੀਤਾ ਹੈ। ਉਹ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਦੀ ਸਹੀ ਵਰਤੋਂ ਵੀ ਨਹੀਂ ਕਰ ਸਕਦੇ।