ਪੰਜਾਬ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ
  • PublishedDecember 10, 2023

ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ

ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ 

ਚੰਡੀਗੜ੍ਹ, 10 ਦਸੰਬਰ 2023 ( ਦੀ ਪੰਜਾਬ ਵਾਇਰ)।ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ ‘ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।

ਸੂਬੇ ਦੇ ਪਸ਼ੂ ਪਾਲਕਾਂ  ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।

Written By
The Punjab Wire