ਪੰਜਾਬ ਮੁੱਖ ਖ਼ਬਰ ਰਾਜਨੀਤੀ

ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ

ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ
  • PublishedDecember 10, 2023

ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ

ਅੱਜ ਇਸ ਕਦਮ ਨਾਲ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ‘ਤੇ ਸਭ ਤੋਂ ਵੱਡਾ ਹਥੌੜਾ ਮਾਰਿਆ- ਅਰਵਿੰਦ ਕੇਜਰੀਵਾਲ

ਦਿੱਲੀ ‘ਚ ਜਗਾਏ ਦੀਵੇ ਦੀ ਲੋਅ ਨਾਲ ਅਸੀਂ ਪੰਜਾਬ ‘ਚ ਇਨ੍ਹਾਂ ਸਹੂਲਤਾਂ ਦਾ ਦੀਵਾ ਬਾਲਿਆ – ਭਗਵੰਤ ਮਾਨ

ਮੈਂ 16 ਮਾਰਚ 2022 ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ-ਭਗਵੰਤ ਮਾਨ

ਸਰਕਾਰੀ ਦਫਤਰਾਂ ‘ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’-ਮੁੱਖ ਮੰਤਰੀ

ਲੁਧਿਆਣਾ, 10 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ।

ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਪੰਜਾਬ ਵਿੱਚ ਸਿਰਫ਼ ਦੋ ਜਾਂ ਤਿੰਨ ਪਰਿਵਾਰਾਂ ਨੇ ਹੀ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਸੂਬੇ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਆਪਣੀ ਮਰਜ਼ੀ ਨਾਲ ਰਾਜ ਚਲਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਇਮਾਨਦਾਰ ਸਰਕਾਰ ਨੇ ਸੱਤੀ ਸੰਭਾਲੀ ਤਾਂ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ।

ਪੰਜਾਬ ਨੂੰ ਸਾਰੀਆਂ ਸਮਾਜਿਕ ਅਲਾਮਤਾਂ ਦਾ ਸਫਾਇਆ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰੇਕ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ 38000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਸਿਰਫ ਯੋਗ ਨੌਜਵਾਨ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਨਅਤੀ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਨਿੱਜੀ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਇਕ ਅਹਿਮ ਕਦਮ ਹੈ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ ‘ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਦੀ ਸਹੂਲਤ ਲਈ ਸਾਲ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਪਰ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੈ ਕਿਉਂਕਿ ਬਾਕੀ ਸੂਬਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਪਾਸੋਂ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਦਲਾਲ ਵੱਲੋਂ ਲੁੱਟਿਆ ਜਾਂਦਾ ਪੈਸਾ ਉਥੋਂ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕੋਈ ਵੀ ਸਰਕਾਰ ਅਜਿਹਾ ਨਹੀਂ ਕਰੇਗੀ ਕਿਉਂਕਿ ਪੰਜਾਬ ਕੋਲ ਇਮਾਨਦਾਰ ਸਰਕਾਰ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ ‘ਭ੍ਰਿਸ਼ਟਾਚਾਰ ਤੋਂ ਆਜ਼ਾਦੀ’ ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ 4000 ਤੋਂ ਵੱਧ ਨਵੀਆਂ ਨੌਕਰੀਆਂ ਪੈਦਾ ਕਰੇਗੀ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਹਰ ਤਰ੍ਹਾਂ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

Written By
The Punjab Wire