ਭਵਿੱਖ ਵਿੱਚ ਸਕੀਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ
ਲੁਧਿਆਣਾ 10 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਫੈਸਲੇ ਦੀ ਪੰਜਾਬੀਆਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ 43 ਸਰਕਾਰੀ ਸੇਵਾਵਾਂ ਘਰ ਬੈਠੇ ਪ੍ਰਦਾਨ ਕਰਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਆਏ ਲੋਕਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਇਤਿਹਾਸ ਵਿੱਚ ਸਫਲਤਾ ਦਾ ਇੱਕ ਨਵਾਂ ਅਧਿਆਏ ਲਿਖੇਗਾ।
ਸ਼ਾਹਕੋਟ ਤੋਂ ਆਏ ਚਮਕੌਰ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਖਤਮ ਹੋ ਜਾਣਗੀਆਂ ਕਿਉਂਕਿ ਹੁਣ ਲੋਕ ਆਪਣੇ ਘਰ ਬੈਠੇ ਹੀ ਸਾਰੇ ਕੰਮ ਕਰਵਾ ਸਕਣਗੇ।
ਮੋਗਾ ਦੇ ਵਸਨੀਕ ਅਮਰੀਕ ਸਿੰਘ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਫੈਸਲਾ ਹੈ ਕਿਉਂਕਿ ਹੁਣ ਲੋਕ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਗੇ ਸਗੋਂ ਸਰਕਾਰ ਉਨ੍ਹਾਂ ਦੇ ਘਰ ਆ ਕੇ ਸੇਵਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਆਪਣੀ ਸਹੂਲਤ ਅਨੁਸਾਰ ਸਮਾਂ ਨਿਸ਼ਚਿਤ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ।
ਬੰਗਾ ਦੇ ਵਸਨੀਕ ਰਾਜਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਖ਼ਤਮ ਹੋਣਗੀਆਂ, ਉੱਥੇ ਹੀ ਇਸ ਨਾਲ ਭ੍ਰਿਸ਼ਟਾਚਾਰ ਨੂੰ ਵੀ ਠੱਲ੍ਹ ਪਵੇਗੀ ਅਤੇ ਇਸ ਉਪਰਾਲੇ ਦੇ ਸਾਰਥਿਕ ਸਿੱਟੇ ਨਿਕਲਣਗੇ।
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਸਨੀਕ ਬਲਵਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਰਹੀ ਹੈ ਤਾਂ ਜੋ ਉਹ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ।
ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਦੇ ਹੈਬੋਵਾਲ ਖੇਤਰ ਤੋਂ ਆਏ ਅਮ੍ਰਿਤ ਨੇ ਕਿਹਾ ਕਿ ਇਹ ਕਦਮ ਪ੍ਰਸ਼ਾਸਕੀ ਸੁਧਾਰਾਂ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਲਿਆਵੇਗਾ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।
ਲੁਧਿਆਣਾ ਦੇ ਮਿਲਰ ਗੰਜ ਦੇ ਵਸਨੀਕ ਵਿਜੈ ਕੁਮਾਰ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਲੋਕ ਸਿਰਫ਼ ਇੱਕ ਫ਼ੋਨ ਨੰਬਰ ਡਾਇਲ ਕਰਕੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰੀ ਸੇਵਾਵਾਂ ਲਈ ਆਪਣੇ ਘਰ ਬੁਲਾ ਸਕਣਗੇ ਅਤੇ ਇੱਥੇ ਹੀ ਬੱਸ ਨਹੀਂ ਸਗੋਂ ਇਸ ਪ੍ਰਕਿਰਿਆ ਤੋਂ ਬਾਅਦ ਦਸਤਾਵੇਜ਼ ਉਨ੍ਹਾਂ ਦੇ ਘਰ ਵੀ ਪਹੁੰਚਾਏ ਜਾਣਗੇ
ਗੋਰਾਇਆ ਤੋਂ ਸਮਾਗਮ ਵਿੱਚ ਪਹੁੰਚੇ ਅਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਇਸ ਤਰ੍ਹਾਂ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਅਜਿਹਾ ਦੂਰਅੰਦੇਸ਼ੀ ਫੈਸਲਾ ਲਿਆ।
ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਖੰਨਾ ਤੋਂ ਆਏ ਨੇਮਚੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲਗਾਤਾਰ ਇਤਿਹਾਸਕ ਫੈਸਲੇ ਲਏ ਹਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਇਨਕਲਾਬੀ ਕਦਮ ਸਿੱਧ ਹੋਵੇਗਾ।
ਲੁਧਿਆਣਾ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਗੁਰਕਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਪਹਿਲਾਂ ਹੀ ਇਕ ਤੋਂ ਬਾਅਦ ਇਕ ਵੱਡੇ ਕਦਮ ਚੁੱਕ ਰਹੀ ਹੈ, ਪਰ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਵੱਡੀ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕਾਂ ਕੋਲ ਸਮਾਂ ਹੋਵੇਗਾ ਤਾਂ ਉਹ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰੀ ਸੇਵਾਵਾਂ ਲਈ ਆਪਣੇ ਘਰ ਬੁਲਾ ਲੈਣਗੇ।
ਰਾਏਕੋਟ ਤੋਂ ਆਏ ਨਾਜਮ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਇਸ ਨਿਵੇਕਲੇ ਉਪਰਾਲੇ ਦਾ ਭਰਪੂਰ ਲਾਭ ਮਿਲੇਗਾ ਕਿਉਂਕਿ ਉਹ ਸਿਰਫ਼ ਇੱਕ ਫ਼ੋਨ ਨੰਬਰ ਡਾਇਲ ਕਰਕੇ ਹੀ ਘਰ ਬੈਠੇ ਨਾਗਰਿਕ ਸੇਵਾਵਾਂ ਪ੍ਰਾਪਤ ਕਰ ਸਕਣਗੇ ਅਤੇ ਇਸ ਲਈ ਉਨ੍ਹਾਂ ਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ।