Close

Recent Posts

ਪੰਜਾਬ

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ
  • PublishedDecember 17, 2023

ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 17 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਕ ਫਲਾਇੰਗ ਸਕੁਐਡ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Written By
The Punjab Wire