ਚੰਡੀਗੜ੍ਹ,18ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਵੱਲੋਂ 8 ਨਵੰਬਰ ਤੋਂ ਸ਼ੁਰੂ ਕੀਤੀ ਸਾਰੇ ਡੀਸੀ ਦਫ਼ਤਰਾਂ ਵਿੱਚ ਕਲਮਛੋੜ ਹੜਤਾਲ ਅੱਜ ਖਤਮ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੋਮਵਾਰ ਨੂੰ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨੇ ਤੋਂ ਚੱਲ ਰਹੀ ਹੜਤਾਲ ਕਾਰਨ 52 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12.30 ਵਜੇ ਪੰਜਾਬ ਭਵਨ ਵਿਖੇ PSMSU ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਮੁਲਾਜ਼ਮਾਂ ਦੀਆਂ ਮੰਗਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਵੱਲੋਂ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮਨਿਸਟੀਰੀਅਲ ਸਰਵਿਸ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਕਲਮਛੋੜ ਹੜਤਾਲ ਉਤੇ ਚਲ ਰਹੀ ਹੈ। ਇਸ ਸੰਘਰਸ਼ ਦੌਰਾਨ ਮੰਤਰੀਆਂ ਦੀ ਸਬ ਕਮੇਟੀ ਨਾਲ ਵੀ ਯੂਨੀਅਨ ਦੀ ਮੀਟਿੰਗ ਹੋਈ ਸੀ, ਪ੍ਰੰਤੂ ਇਸ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ ਸੀ। ਇਸ ਤੋਂ ਬਾਅਦ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।