ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਹੋਰ ਨਿਵੇਕਲਾ ਉਪਰਾਲਾ

21 ਦਸੰਬਰ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂ ਹੋਵੇਗਾ ਅਬਾਦ ਖੇਡ ਟੂਰਨਾਮੈਂਟ

ਗੁਰਦਾਸਪੁਰ, 21 ਦਸੰਬਰ 2023 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਅਬਾਦ ਖੇਡ ਟੂਰਨਾਮੈਂਟ ਵਿੱਚ ਫੁੱਟਬਾਲ (ਲੜਕੇ), ਹਾਕੀ (ਲੜਕੇ), ਕ੍ਰਿਕੇਟ (ਲੜਕੇ), ਜਿਮਨਾਸਟਿਕ 9ਲੜਕੇ ਤੇ ਲੜਕੀਆਂ), ਬੈਡਮਿੰਟਨ (ਲੜਕੇ) ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਬਾਦ ਖੇਡ ਟੂਰਨਾਮੈਂਟ ਦੀ ਸ਼ੁਰੂਆਤ 21 ਦਸੰਬਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 21, 22 ਅਤੇ 23 ਦਸੰਬਰ ਨੂੰ ਕਾਲਾ ਅਫ਼ਗਾਨਾ ਵਿਖੇ ਲੜਕਿਆਂ ਦੇ ਫੁੱਟਬਾਲ ਦੇ ਓਪਨ ਮੁਕਾਬਲੇ ਹੋਣਗੇ। ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਸਟੇਡੀਅਮ ਅਤੇ ਐਸਟਰੋਟਰਫ ਹਾਕੀ ਸਟੇਡੀਅਮ ਮਰੜ੍ਹ ਵਿਖੇ 21 ਤੇ 22 ਦਸੰਬਰ ਨੂੰ ਹਾਕੀ ਦੇ ਓਪਨ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਮਿਤੀ 23, 24, 25, 26 ਅਤੇ 27 ਦਸੰਬਰ ਨੂੰ ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕੇਟ ਸਟੇਡੀਅਮ ਵਿਖੇ 19 ਤੋਂ 23 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਕ੍ਰਿਕੇਟ ਮੁਕਾਬਲੇ ਹੋਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ 26 ਦਸੰਬਰ ਨੂੰ ਜਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਲੜਕੇ ਅਤੇ ਲੜਕੀਆਂ ਦੇ ਸੀਨੀਅਰ ਵਰਗ ਵਿੱਚ ਵਿਅਕਤੀਗਤ ਮੁਕਾਬਲੇ ਹੋਣਗੇ। ਮਿਤੀ 26 ਅਤੇ 27 ਦਸੰਬਰ ਨੂੰ ਬੈਡਮਿੰਟਨ ਹਾਲ ਗੁਰਦਾਸਪੁਰ ਵਿਖੇ 17 ਸਾਲ ਤੋਂ ਉੱਪਰ ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਮਕਸਦ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਟੂਰਨਾਮੈਂਟ ਵਿਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਬਾਦ ਖੇਡ ਟੂਰਨਾਮੈਂਟ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਰਿਹਾ ਹੈ।

Exit mobile version