ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 19 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧੀ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਦੇ ਡਾਇਰੈਕਟਰ ਅਮ੍ਰਿਤ ਸਿੰਘ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਕੱਤਰ ਅਮਰਬੀਰ ਕੌਰ ਭੁੱਲਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੁੰ ਕਿਹਾ ਕਿ ਇੰਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੈਂਪ ਲਗਾਕੇ ਪ੍ਰੋਫਾਰਮੇ ਅਨੁਸਾਰ ਸੂਚਨਾ ਭਰਵਾਈ ਜਾਵੇ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਦਿਵਿਆਂਗ ਉਮਰ ਦੀ ਹੱਦ ਟੱਪਣ ਕਾਰਨ ਨੌਕਰੀ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅਤੇ ਐਸ.ਐਸ.ਬੋਰਡ ਦੇ ਸਕੱਤਰ ਨੇ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ।

ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Exit mobile version