21 ਤੋਂ 30 ਦਸੰਬਰ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ
ਅਬਾਦ ਖੇਡ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ
ਗੁਰਦਾਸਪੁਰ, 20 ਦਸੰਬਰ 2023 (ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦੀ 21 ਦਸੰਬਰ ਤੋਂ ਸ਼ੁਰੂਆਤ ਹੋ ਰਹੀ ਹੈ। ਇਸ ਅਬਾਦ ਖੇਡ ਟੂਰਨਾਮੈਂਟ ਵਿੱਚ ਫੁੱਟਬਾਲ (ਲੜਕੇ), ਹਾਕੀ (ਲੜਕੇ), ਕਿ੍ਰਕੇਟ (ਲੜਕੇ), ਜਿਮਨਾਸਟਿਕ (ਲੜਕੇ ਤੇ ਲੜਕੀਆਂ), ਬੈਡਮਿੰਟਨ (ਲੜਕੇ-ਲੜਕੀਆਂ) ਦੇ ਮੁਕਾਬਲੇ ਕਰਵਾਏ ਜਾਣਗੇ।
ਅਬਾਦ ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਬਾਦ ਖੇਡ ਟੂਰਨਾਮੈਂਟ ਦੀ ਸ਼ੁਰੂਆਤ 21 ਦਸੰਬਰ ਨੂੰ ਹੋਵੇਗੀ ਜੋ 30 ਦਸੰਬਰ 2023 ਤੱਕ ਚੱਲੇਗਾ। ਉਨਾਂ ਦੱਸਿਆ ਕਿ 21, 22 ਅਤੇ 23 ਦਸੰਬਰ ਨੂੰ ਕਾਲਾ ਅਫ਼ਗਾਨਾ ਵਿਖੇ ਲੜਕਿਆਂ ਦੇ ਫੁੱਟਬਾਲ ਦੇ ਓਪਨ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ 21 ਅਤੇ 22 ਦਸੰਬਰ ਨੂੰ ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਸਟੇਡੀਅਮ ਵਿਖੇ ਹਾਕੀ ਦੇ ਓਪਨ ਮੁਕਾਬਲੇ ਹੋਣਗੇ। ਇਸੇ ਤਰਾਂ ਮਿਤੀ 23, 24, 25, 26 ਅਤੇ 27 ਦਸੰਬਰ ਨੂੰ ਸਰਕਾਰੀ ਕਾਲਜ ਗੁਰਦਾਸਪੁਰ ਦੇ ਕਿ੍ਰਕੇਟ ਸਟੇਡੀਅਮ ਵਿਖੇ 19 ਤੋਂ 23 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਕਿ੍ਰਕੇਟ ਮੁਕਾਬਲੇ ਹੋਣਗੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ 26 ਦਸੰਬਰ ਨੂੰ ਜਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਲੜਕੇ ਅਤੇ ਲੜਕੀਆਂ ਦੇ ਸੀਨੀਅਰ ਵਰਗ ਵਿੱਚ ਵਿਅਕਤੀਗਤ ਮੁਕਾਬਲੇ ਹੋਣਗੇ। ਮਿਤੀ 26 ਅਤੇ 27 ਦਸੰਬਰ ਨੂੰ ਬੈਡਮਿੰਟਨ ਹਾਲ ਗੁਰਦਾਸਪੁਰ ਵਿਖੇ 17 ਸਾਲ ਤੋਂ ਉੱਪਰ ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਣਗੇ ਜਦਕਿ 30 ਦਸੰਬਰ ਨੂੰ ਹਾਕੀ ਦਾ ਫਾਈਨਲ ਡੇਅ-ਨਾਈਟ ਮੈਚ ਐਸਟਰੋਟਰਫ ਹਾਕੀ ਸਟੇਡੀਅਮ ਪਿੰਡ ਮਰੜ ਵਿਖੇ ਹੋਵੇਗਾ। ਉਨਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਮਕਸਦ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ’ ਕਰਵਾਇਆ ਜਾ ਰਿਹਾ ਹੈ। ਉਨਾਂ ਨੌਜਵਾਨਾਂ ਨੂੰ ਇਸ ਟੂਰਨਾਮੈਂਟ ਵਿਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਮੈਡਮ ਇਰਵਨ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ. ਸਿਮਰਨਜੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸਤੀਸ਼ ਕੁਮਾਰ, ਤਹਿਸੀਲਦਾਰ ਗੁਰਦਾਸਪੁਰ ਸ੍ਰੀ ਰਾਜਵਿੰਦਰ ਕੌਰ, ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਸੰਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਸ. ਲਵਪ੍ਰੀਤ ਸਿੰਘ, ਨਗਰ ਕੌਂਸਲ ਗੁਰਦਾਸਪੁਰ ਦੇ ਸੁਪਰਡੈਂਟ ਅਸ਼ੋਕ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।