ਗੁਰਦਾਸਪੁਰ ਪੰਜਾਬ

ਵਿਧਾਇਕ ਕਲਸੀ ਅਤੇ ਡੀਸੀ ਅਗਰਵਾਲ ਨੇ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ ’ ਐਵਾਰਡ ਨਾਲ ਕੀਤਾ ਸਨਮਾਨਿਤ

ਵਿਧਾਇਕ ਕਲਸੀ ਅਤੇ ਡੀਸੀ ਅਗਰਵਾਲ ਨੇ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ ’ ਐਵਾਰਡ ਨਾਲ ਕੀਤਾ ਸਨਮਾਨਿਤ
  • PublishedDecember 21, 2023

ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਾ ਵਾਪਰਨ ਦੇਣ ਵਾਲੀਆਂ ਪੰਚਾਇਤਾਂ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਸਮੇਤ ਪਹਿਲ ਦੇ ਆਧਾਰ ਤੇ ਵਿਕਾਸ ਕੰਮ ਕਰਵਾਏ ਜਾਣਗੇ

ਬਟਾਲਾ, 21 ਦਸੰਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਸਫਲ ਯਤਨਾਂ ਤਹਿਤ ਅੱਜ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤੇ ਸਾਰਥਕ ਯਤਨਾਂ ਤਹਿਤ ਉਨਾਂ ਨੂੰ ਵੀ ‘ਵਾਤਾਵਰਣ ਦੇ ਚੈਂਪੀਅਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬਟਾਲਾ ਦੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ, ਡਾ. ਕ੍ਰਿਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਅਤੇ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਵੀ ਮੋਜੂਦ ਸਨ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ, ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕੀਤਾ ਹੈ, ਜਿਸ ਨਾਲ ਜ਼ਿਲੇ ਅੰਦਰ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਬਹੁਤ ਲਗਾਈ ਗਈ ਹੈ। ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਬਟਾਲਾ ਖੇਤਰ ਵਿੱਚ ਤਿੰਨ ਕਿਸਾਨ ਹੱਟਾਂ ਖੋਲ੍ਹੀਆਂ ਜਾਣਗੀਆਂ, ਜਿਥੇ ਕਿਸਾਨ ਆਪਣੇ ਉਤਪਾਦ ਵੇਚ ਸਕਣਗੇ। ਉਨਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵਲੋਂ ਪਰਾਲੀ ਨਾ ਸਾੜਨ ਲਈ ਕੀਤੇ ਉਪਰਾਲੇ ਸਫਲ ਹੋਏ ਹਨ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਅਗਲੇ ਸਾਲ ਜ਼ਿਲ੍ਹੇ ਗੁਰਦਾਸਪੁਰ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਇੱਕ ਵੀ ਥਾਂ ’ਤੇ ਪਰਾਲੀ ਸਾੜਨ ਦੀ ਘਟਨਾ ਨਹੀਂ ਵਾਪਰੇਗੀ।

ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅੱਜ ਤੋਂ ਕਰੀਬ ਦੋ ਮਹਿਨੇ ਪਹਿਲਾਂ 10 ਅਕਤੂਬਰ ਨੂੰ ਇਸੇ ਸਥਾਨ ’ਤੇ ਉਨਾਂ ਵਲੋਂ ਜ਼ਿਲ੍ਹੇ ਦੇ 55 ਹਾਟ ਸਪਾਟ ਪਿੰਡਾਂ, ਜਿਥੇ ਪਿਛਲੇ ਸਾਲ ਸਟੱਬਲ ਬਰਨਿੰਗ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਉਨਾਂ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ ਤੇ ਉਨਾਂ ਕੋਲੋਂ ਸਹਿਯੋਗ ਦੀ ਅਪੀਲ ਕੀਤੀ ਸੀ। ਉਨਾਂ ਕਿਹਾ ਕਿ ਉਨਾਂ ਨੂੰ ਜ਼ਿਲੇ ਦੇ ਕਿਸਾਨਾਂ ਤੇ ਪੂਰਾ ਮਾਣ ਹੈ ਕਿ ਉਨਾਂ ਨੇ ਮੇਰੀ ਬੇਨਤੀ ਨੂੰ ਸਵੀਕਾਰ ਕੀਤਾ ਤੇ ਇਸ ਸਾਲ 55 ਹਾਟ ਸਪਾਟ ਪਿੰਡਾਂ ਵਿੱਚੋਂ 24 ਪਿੰਡਾਂ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਹੀਂ ਪਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਨਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦੇ ਨਾਲ ਉਸ ਪਿੰਡ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਸ ਨੂੰ ਅੱਜ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ 24 ਪੰਚਾਇਤਾਂ ਸਮੇਤ 161 ਕਿਸਾਨਾਂ ਨੂੰ ‘ਵਾਤਾਵਰਣ ਦੇ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਨ ਨੂੰ ਪੂਰੀ ਆਸ ਹੈ ਕਿ ਉਹ ਇਸੇ ਤਰਾਂ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਰਹਿਣਗੇ ਅਤੇ ਅਗਲੇ ਸਾਲ ਜ਼ਿਲੇ ਵਿੱਚ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਵਾਪਰਨ ਦੇਣਗੇ। 

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਚ, ਸਰਪੰਚ, ਕਿਸਾਨਾਂ ਤੇ ਵਿਭਾਗਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਾਲ 2022 ਵਿੱਚ ਜ਼ਿਲੇ ਅੰਦਰ ਪਰਾਲੀ ਸਾੜਨ ਦੀਆਂ 854 ਘਟਨਾਵਾਂ ਸਾਹਮਣੇ ਆਈਆਂ ਸਨ ਅਤੇ ਇਸ ਸਾਲ 2023 ਵਿੱਚ ਘੱਟ ਕਿ 389 ਰਹਿ ਗਈਆਂ ਹਨ। ਉਨਾਂ ਦੱਸਿਆ ਕਿ 55 ਫੀਸਦ ਅੱਗ ਲੱਗਣ ਦੀਆਂ ਘਟਨਾਵਾਂ ਘਟੀਆਂ ਹਨ, ਜਿਸ ਸਦਕਾ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੂਜੇ ਨੰਬਰ ’ਤੇ ਰਿਹਾ, ਜਿਥੇ ਅੱਗ ਲੱਗਣ ਦੀਆਂ ਘਟਨਾਵਾਂ ਘੱਟ ਵਾਪਰੀਆਂ।

ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਹਰਮਨਪ੍ਰੀਤ ਸਿੰਘ, ਹਰਮਨਜੀਤ ਸਿੰਘ, ਪਰਮਬੀਰ ਸਿੰਘ ਕਾਹਲੋਂ, ਡਾ. ਬਲਜਿੰਦਰ ਸਿੰਘ,ਧਰਮਿੰਦਰ ਸ਼ਰਮਾ, ਪ੍ਰਭਜੋਤ ਸਿੰਘ, ਸੰਦੀਪ ਸਿੰਘ ਅਤੇ ਦਿਲਬਾਗ ਸਿੰਘ ਲਾਲੀ ਚੀਮਾ, ਗੁਰਬਿੰਦਰ ਸਿੰਘ ਬਾਜਵਾ, ਸਿਮਰਨ ਸਿੰਘ, ਮਨਦੀਪ ਸਿੰਘ ਸੰਧੂ, ਹਰਪ੍ਰੀਤ ਸਿੰਘ ਸਮੇਤ ਅਧਿਕਾਰੀ, ਕਰਮਚਾਰੀ ਅਤੇ ਕਿਸਾਨ ਮੋਜੂਦ ਸਨ।

Written By
The Punjab Wire