ਪੰਜਾਬ ਮੁੱਖ ਖ਼ਬਰ

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
  • PublishedDecember 22, 2023

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ

ਚੰਡੀਗੜ੍ਹ, 21 ਦਸੰਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਾਰਚ 2023 ਦੇ 2975 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Written By
The Punjab Wire