ਪੰਜਾਬ ਮੁੱਖ ਖ਼ਬਰ

ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਬਿਗਲ ਵਜਾਉਣ ਵਾਲਾ ਫੈਸਲਾ ਹੋਇਆ ਵਾਪਿਸ

ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਬਿਗਲ ਵਜਾਉਣ ਵਾਲਾ ਫੈਸਲਾ ਹੋਇਆ ਵਾਪਿਸ
  • PublishedDecember 24, 2023

ਮੁੱਖ ਮੰਤਰੀ ਨੇ ਕਿਹਾ ਕਿ ਨਹੀਂ ਚਾਹੁੰਦਾ ਕੀ ਸ਼ਹਾਦਤ ਵਾਲੇ ਦਿਨ੍ਹਾਂ ਵਿੱਚ ਸਾਧ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾਂ ਕਿਸੇ ਵਾਦ-ਵਿਵਾਦ ਵਿੱਚ ਪੈੈਣ

ਚੰਡੀਗੜ੍ਹ, 24 ਦਿਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ ਮਾਤਮ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਖੁਦ ਮੁੱਖਮੰਤਰੀ ਮਾਨ ਨੇ ਐਕਸ ‘ਤੇ ਦਿੱਤੀ ਹੈ, ਉਨ੍ਹਾਂ ਕਿਹਾ ਕਿ,” ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ  ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ”। 

ਇੱਥੇ ਦੱਸਣਯੋਗ ਹੈ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ੍ਹੀ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਸੀ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਸੀ ਕਿ ਸੂਬਾ ਸਰਕਾਰ ਨੇ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਸੀ ਕਿ ਇਹ ਉਪਰਾਲਾ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।

ਪਰ ਅਕਾਲ ਤਖ਼ਤ ਦੇ ਜਥੇਦਾਰ ਤੇ ਐਸਜੀਪੀਸੀ ਦੇ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ ਮਾਤਮ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਸੀ ਜਿਸਨੂੰ ਪ੍ਰਵਾਨ ਕਰ ਲਿਆ ਗਿਆ ਹੈ

Written By
The Punjab Wire