ਗੁਰਦਾਸਪੁਰ, 30 ਦਿਸੰਬਰ 2023 (ਦੀ ਪੰਜਾਬ ਵਾਇਰ) ਸ਼ਹਿਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਪੁਲੀਸ ਲਾਈਨ ਤੋਂ ਸ਼ੁਰੂ ਹੋ ਕੇ ਪੁਰਾਣਾ ਬੱਸ ਅੱਡਾ, ਡਾਕਖਾਣਾ ਚੌਕ, ਪੁਰਾਣੀ ਸਬਜ਼ੀ ਮੰਡੀ, ਕਾਹਨੂੰਵਾਨ ਚੌਕ ਆਦਿ ’ਚੋਂ ਲੰਘਿਆ। ਇਸ ਦੌਰਾਨ ਭਾਰੀ ਪੁਲਿਸ ਫੋਰਸ ਮੌਜੂਦ ਸੀ।
ਇਸ ਮੌਕੇ ਐਸਐਸਪੀ ਹਰੀਸ਼ ਦਾਯਮਾ ਨੇ ਦੱਸਿਆ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਵੱਲੋਂ ਆਸਪਾਸ ਦੇ ਇਲਾਕਿਆਂ ਦੀ ਸਖ਼ਤੀ ਨਾਲ ਨਾਕਾਬੰਦੀ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ | ਜੇਕਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਫਲੈਗ ਮਾਰਚ ਰਾਹੀਂ ਉਨ੍ਹਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਬਾਜ਼ਾਰਾਂ ਵਿੱਚ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕਰਨ।