ਪੰਜਾਬ ਮੁੱਖ ਖ਼ਬਰ

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
  • PublishedDecember 30, 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ

ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 30 ਦਸੰਬਰ 2023 (ਦੀ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।

ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Written By
The Punjab Wire