ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਹਾਉਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦਾ ਵਾਅਦਾ ਪੂਰਾ ਕੀਤਾ – ਰਮਨ ਬਹਿਲ
ਗੁਰਦਾਸਪੁਰ, 2 ਜਨਵਰੀ 2024 (ਦੀ ਪੰਜਾਬ ਵਾਇਰ)। ਸਿਹਤ ਵਿਭਾਗ ਪੰਜਾਬ ਵਿਚ ਨਵੀਂਆਂ ਭਰਤੀਆਂ ਦਾ ਸਿਲਸਿਲਾ ਨਵੇਂ ਸਾਲ ਵੀ ਜਾਰੀ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਹਾਉਸ ਸਰਜਨਾਂ ਦੀ ਭਰਤੀ ਹੋਈ ਹੈ, ਜਿਸ ਤਹਿਤ ਅੱਜ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਨਵ-ਨਿਯੁਕਤ ਹਾਉਸ ਸਰਜਨਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ।
ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੌਣੇ ਦੋ ਸਾਲਾਂ ਵਿੱਚ ਰਾਜ ਸਰਕਾਰ ਨੇ 40000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਖਾਲੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਦੀ ਘਾਟ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ 21 ਨਵੇਂ ਬਣਾਏ ਜਾ ਰਿਹੇ ਆਮ ਆਦਮੀ ਕਲੀਨਿਕਾਂ ਵਿਚ ਵੀ ਮੈਡੀਕਲ ਅਫਸਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਜ਼ਿਲ੍ਹੇ ਵਿਚ 12 ਹਾਉਸ ਸਰਜਨਾਂ ਦੀ ਨਿਯੁਕਤੀ ਹੌਈ ਹੈ। ਇਹ ਹਾਉਸ ਸਰਜਨ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਅਤੇ ਸਬ-ਡਿਵੀਜ਼ਨਲ ਹਸਪਤਾਲ ਬਟਾਲਾ ਵਿਖੇ ਕੰਮ ਕਰਨਗੇ। ਉਨ੍ਹਾਂ ਕਿਹਾਕਿ ਇਹ ਹਾਉਸ ਸਰਜਨਾਂ ਦੀ ਭਰਤੀ ਦਾ ਦੂਜਾ ਬੈਚ ਹੈ। ਉਨ੍ਹਾਂ ਨੇ ਨਿਯੁਕਤੀ ਹਾਸਲ ਕਰਨ ਵਾਲੇ ਹਾਊਸ ਸਰਜਨਾਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਏਸੀਐਸ ਡਾ. ਭਾਰਤ ਭੂਸ਼ਨ , ਜ਼ਿਲ੍ਹਾ ਸਿਹਤ ਅਫਸਰ ਡਾ. ਸਵੀਤਾ, ਮਾਸ ਮੀਡੀਆ ਅਫਸਰ ਗੁਰਿੰਦਰ ਕੌਰ, ਸੁਰੇਖਾ, ਸਤੀਸ਼ ਕੁਮਾਰ, ਦਿਲਬਾਗ ਸਿੰਘ, ਪੁਸ਼ਪਿੰਦਰ ਕੁਮਾਰ ਆਦਿ ਹਾਜ਼ਰ ਸਨ।