ਗੁਰਦਾਸਪੁਰ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
  • PublishedJanuary 5, 2024

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 19 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜੀਆਂ ਜਾਣ

ਗੁਰਦਾਸਪੁਰ, 5 ਜਨਵਰੀ 2024 (ਦੀ ਪੰਜਾਬ ਵਾਇਰ )। 26 ਜਨਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਹੋਣਗੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਾਮਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 19 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜ ਦਿੱਤੀਆਂ ਜਾਣ, ਇਸ ਤੋਂ ਬਾਅਦ ਆਈਆਂ ਨਾਮਜ਼ਦਗੀਆਂ ਉੱਪਰ ਵਿਚਾਰ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲ ਦੇ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸ਼ਹਿਰਾਂ ਵਿਚਲੇ ਚੌਂਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਸਜਾਇਆ ਜਾਵੇ ਅਤੇ 25 ਤੇ 26 ਜਨਵਰੀ ਦੀ ਰਾਤ ਨੂੰ ਉਨ੍ਹਾਂ ਦੀ ਲਾਈਟਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ‘ਤੇ ਹੁਣ ਤੋਂ ਹੀ ਤਿਆਰੀਆਂ ਵਿੱਚ ਜੁਟ ਜਾਣ ਲਈ ਕਿਹਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 19, 22 ਅਤੇ 23 ਜਨਵਰੀ ਨੂੰ ਹੋਵੇਗੀ ਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਮੈਡਮ ਇਰਵਨ ਕੌਰ, ਐੱਸ.ਪੀ. ਨਵਜੋਤ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸ਼ਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਤਹਿਸੀਲਦਾਰ ਰਾਜਵਿੰਦਰ ਕੌਰ, ਜਿੰਦਰਪਾਲ ਸਿੰਘ ਸੈਕਰਟਰੀ ਜ਼ਿਲ੍ਹਾ ਪਰੀਸ਼ਦ, ਰਾਜੀਵ ਸਿੰਘ ਸੈਕਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫਸਰ, ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Written By
The Punjab Wire