ਰੱਖਿਆ ਮੰਤਰਾਲੇ ਦੇ ਖ਼ੁਲਾਸੇ ਨਾਲ ਸੁਨੀਲ ਜਾਖੜ ਦੇ ਝੂਠ ਦਾ ਪਰਦਾ ਫਾਸ਼ ਹੋਇਆ – ਸੇਖਵਾਂ
ਗੁਰਦਾਸਪੁਰ, 5 ਜਨਵਰੀ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਜਿਹਾ ਕਰਕੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਲਾ ਮਿਸਾਲ ਯੋਗਦਾਨ ਦਾ ਨਿਰਾਦਰ ਕੀਤਾ ਹੈ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਇਸ ਮੁੱਦੇ ‘ਤੇ ਪੰਜਾਬ ਦਾ ਪੱਖ ਲੈਣ ਦੀ ਬਜਾਏ ਦਿੱਲੀ ਸਥਿਤ ਆਪਣੇ ਅਕਾਵਾਂ ਨੂੰ ਖ਼ੁਸ਼ ਕਰਨ ਲਈ ਝੂਠੇ ਤੇ ਮਨਘੜਤ ਬਿਆਨ ਦੇ ਕੇ ਕੇਂਦਰ ਸਰਕਾਰ ਦੇ ਇਸ ਪੰਜਾਬ ਵਿਰੋਧੀ ਫ਼ੈਸਲੇ ਨੂੰ ਜਾਇਜ਼ ਠਹਿਰਾਇਆ ਗਿਆ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹੁਣ ਰੱਖਿਆ ਮੰਤਰਾਲੇ ਨੇ ਇਹ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਝਾਕੀਆਂ ਦੇ ਨਮੂਨੇ ਭੇਜੇ ਗਏ ਸਨ ਉਨ੍ਹਾਂ ਉੱਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰਾਂ ਨਹੀਂ ਸੀ, ਜਿਸ ਤੋਂ ਬਾਅਦ ਸੁਨੀਲ ਜਾਖੜ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਲਈ ਡਿਜ਼ਾਈਨ ਕੀਤੀ ਝਾਕੀ ਦਾ ਉਦੇਸ਼ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸ਼ਹੀਦਾਂ ਦੇ ਬਲੀਦਾਨ ਦੀ ਰਵਾਇਤ ਨੂੰ ਦਰਸਾਉਣਾ ਸੀ, ਜਦਕਿ ਸੱਤਾ ਦੀ ਭੁੱਖੀ ਕੇਂਦਰ ਦੀ ਭਾਜਪਾ ਸਰਕਾਰ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਲਾ ਮਿਸਾਲ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤ ਤੇ ਬਲੀਦਾਨ ਪੰਜਾਬ ਦੀ ਸ਼ਾਨਾਂ ਮੱਤੀਂ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਪੰਜਾਬ ਦੀਆਂ ਝਾਕੀਆਂ ਵਿੱਚ ਦਿਖਾਇਆ ਜਾਂਦਾ ਰਿਹਾ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਨਾਲ ਸਬੰਧਿਤ ਹੋਣ ਦੇ ਬਾਵਜੂਦ ਵੀ ਜਾਖੜ ਵਰਗੇ ਇਹ ਆਗੂ ਮਹਿਜ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਆਪਣੀ ਹਾਈ ਕਮਾਂਡ ਨਾਲ ਮਿਲ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੇ ਝੂਠ ਦਾ ਪਰਦਾਫਾਸ਼ ਹੋਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਜਨਤਕ ਤੌਰ ‘ਤੇ ਆਪਣੇ ਝੂਠ ਨੂੰ ਕਬੂਲ ਕਰਕੇ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।