ਗੁਰਦਾਸਪੁਰ

ਮਾਲ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੋਜਿਤ ਸਪੈਸ਼ਲ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ

ਮਾਲ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੋਜਿਤ ਸਪੈਸ਼ਲ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ
  • PublishedJanuary 6, 2024

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਗੁਰਦਾਸਪੁਰ, 6 ਜਨਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇਸੇ ਮਕਸਦ ਤਹਿਤ ਅੱਜ ਮਾਲ ਵਿਭਾਗ ਵੱਲੋਂ ਸੂਬੇ ਭਰ ਵਿੱਚ ਲੋਕਾਂ ਦੇ ਪੈਂਡਿੰਗ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਤਹਿਸੀਲ ਦਫ਼ਤਰਾਂ ਅਤੇ ਸਬ-ਤਹਿਸੀਲ ਦਫ਼ਤਰਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਨ੍ਹਾਂ ਕੈਂਪਾਂ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਕੈਂਪ ਵਿੱਚ ਆਏ ਲੋਕਾਂ ਨਾਲ ਗੱਲਬਾਤ ਕੀਤੀ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਤਹਿਸੀਲ ਦਫ਼ਤਰਾਂ ਅਤੇ ਸਬ-ਤਹਿਸੀਲ ਦਫ਼ਤਰਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 486 ਵਿਅਕਤੀਆਂ ਵੱਲੋਂ ਪਹੁੰਚ ਕੀਤੀ ਗਈ ਸੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ।

Written By
The Punjab Wire