ਕੱਲ ਹੁਸ਼ਿਆਰਪੁਰ ਪਹੁੰਚ ਰਹੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ
ਆਮਦ ਸਬੰਧੀ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਿਆ ਜਾਇਜ਼ਾ
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਿਆਰੀਆਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 29 ਰਾਸ਼ਟਰੀ ਰਾਜ ਮਾਰਗ ਪ੍ਰੀਯੋਜਨਾਵਾਂ ਦਾ ਕੀਤਾ ਜਾਵੇਗਾ ਲੋਕ ਅਰਪਣ/ ਨੀਂਹ ਪੱਥਰ
ਹੁਸ਼ਿਆਰਪੁਰ, 9 ਜਨਵਰੀ 2024 (ਦੀ ਪੰਜਾਬ ਵਾਇਰ)। ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 10 ਜਨਵਰੀ ਨੂੰ ਹੁਸ਼ਿਆਰਪੁਰ ਆਮਦ ਸਬੰਧੀ ਪ੍ਰਬੰਧਾਂ ਦਾ ਅੱਜ ਸ਼ਾਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਨਗਰ ਨਿਗਮ ਕਮਿਸ਼ਨਰ ਜਿਯੋਤੀ ਬਾਲਾ ਮੱਟੂ, ਆਈ.ਏ.ਐਸ. ਦਿਵਿਆ ਪੀ., ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਜਨਵਰੀ ਨੂੰ ਕੇਂਦਰੀ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਹੁਸ਼ਿਆਰਪੁਰ ਦੀ ਦੁਸਹਿਰਾ ਗਰਾਊਂਡ ਵਿਚ ਆਯੋਜਿਤ ਸਮਾਗਮ ਦੌਰਾਨ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 29 ਰਾਸ਼ਟਰੀ ਰਾਜ ਮਾਰਗ ਪ੍ਰੀਯੋਜਨਾਵਾਂ ਦਾ ਲੋਕ ਅਰਪਣ/ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਇਸ ਦੌਰਾਨ ਸੁਰੱਖਿਆ, ਸਫ਼ਾਈ ਵਿਵਸਥਾ, ਮੈਡੀਕਲ, ਬਿਜਲੀ, ਸਟੇਜ ਪ੍ਰਬੰਧਾਂ, ਮੀਡੀਆ, ਟੈ੍ਰਫਿਕ ਆਦਿ ਤੋਂ ਇਲਾਵਾ ਹੋਰ ਪ੍ਰਬੰਧਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।