ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ

ਚੰਡੀਗੜ੍ਹ, 10 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

Exit mobile version