ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ 

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ 
  • PublishedJanuary 12, 2024

ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ

ਬਘਰੌਲ (ਦਿੜ੍ਹਬਾ), 11 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹਵਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

Written By
The Punjab Wire