ਨਸ਼ੇ ਦਾ ਜੜ੍ਹ ਤੋਂ ਖਾਤਮਾ ਕਰਨ ਲਈ ਸਾਰੇ ਵਿਭਾਗ ਇਕਜੁੱਟਤਾ ਨਾਲ ਕਰਨ ਕੰਮ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਨਸ਼ੇ ਦੀ ਵਿਕਰੀ ਸਬੰਧੀ ਸੂਚਨਾ ਸਬੰਧੀ ਪੁਲਿਸ ਨੂੰ ਦਿੱਤੀ ਜਾਵੇ ਜਾਣਕਾਰੀ, ਪਹਿਚਾਣ ਰੱਖੀ ਜਾਵੇਗੀ ਗੁਪਤ : ਐਸ.ਐਸ.ਪੀ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 15 ਜਨਵਰੀ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਖਾਤਮੇ ਲਈ ਸਾਰੇ ਵਿਭਾਗ ਇਕਜੁੱਟਤਾ ਨਾਲ ਕੰਮ ਕਰਨ, ਤਾਂ ਜੋ ਸਮਾਜ ਵਿਚ ਫੈਲੇ ਇਸ ਜ਼ਹਿਰ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲ, ਆਬਕਾਰੀ ਤੇ ਕਰ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ ’ਤੇ ਨਸ਼ੇ ਦੀ ਰੋਕਥਾਮ ਸਬੰਧੀ ਹਰ ਜ਼ਰੂਰੀ ਕਾਰਵਾਈ ਅਮਲ ਵਿਚ ਲਿਆਉਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਐਕਸਾਈਜ਼ ਵਿਭਾਗ, ਡਰੱਗ ਇੰਪਸੈਕਟਰ ਅਤੇ ਪੁਲਿਸ ਨੂੰ ਸਾਂਝੇ ਤੌਰ ’ਤੇ ਮੈਡੀਕਲ ਸਟੋਰਾਂ ਦੀ ਚੈਕਿੰਗ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੇਗਾ ਅਤੇ ਹਰ ਜ਼ਰੂਰੀ ਕਦਮ ਉਠਾਏ ਜਾਣਗੇ। ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸਾਰੇ ਵਿਭਾਗਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਜਿਥੇ ਵੀ ਉਨ੍ਹਾਂ ਨੂੰ ਨਸ਼ੇ ਦੀ ਵਿਕਰੀ ਸਬੰਧੀ ਕੋਈ ਗੱਲ ਧਿਆਨ ਵਿਚ ਆਉਂਦੀ ਹੈ, ਤਾਂ ਉਹ ਪੁਲਿਸ ਵਿਭਾਗ ਨੂੰ ਇਸ ਦੀ ਜਾਣਕਾਰੀ ਦੇਣ। ਉਨ੍ਹਾਂ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਨੂੰ ਵੀ ਇਸ ਦਿਸ਼ਾ ਵਿਚ ਸਾਰਥਕ ਸਹਿਸੌਗ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ੇ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਅਧਿਕਾਰੀਆਂ ਨੂੰ ਗੁੱਡ ਸਮਾਰੀਟਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀ ਨੂੰ 5-5 ਹਜ਼ਾਰ ਰੁਪਏ ਪੁਰਸਕਾਰ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਦਦਗਾਰ ਵਿਅਕਤੀ ਨੂੰ ਹਸਪਤਾਲ ਦੇ ਡਾਕਟਰ ਜਾਂ ਪੁਲਿਸ ਦੁਆਰਾ ਗੁਡ ਸਮਾਰੀਟਨ ਸਰਟੀਫਿਕੇਟ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਜਿਥੇ ਸੇਫ ਸਕੂਲ ਵਾਹਨ ਸਕੀਮ ਦੀ ਸਮੀਖਿਆ ਕੀਤੀ, ਉਥੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਬੱਸ ਸਟੈਂਡ ਦੇ ਬਾਹਰ ਵਾਹਨ ਨਾ ਖੜ੍ਹਾ ਹੋਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਅਧਿਕਾਰੀਆਂ ਨੂੰ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲੱਗਣ ਵਾਲੇ ਰੂਟੀਨ ਟੀਕਾਕਰਨ ਨੂੰ ਮਜ਼ਬੂਤ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਤੱਕ ਬਿਹਤਰ ਢੰਗ ਨਾਲ ਸਿਹਤ ਸੁਵਿਧਾਵਾਂ ਪਹੁੰਚਾਉਣਾ ਯਕੀਨੀ ਬਣਾਈਆਂ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਿਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲੀਵਰੀ ਦੌਰਾਨ ਬੀ.ਪੀ.ਐਲ ਪਰਿਵਾਰਾਂ ਨਾਲ ਸਬੰਧਤ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬੇਨਿਯਮੀ ਸਾਹਮਣੇ ਆਉਣ ’ਤੇ ਸਖਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ’ਤੇ ਉਨ੍ਹਾਂ ਦਾ ਫੌਰੀ ਇਲਾਜ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਤੋਂ ਪਹਿਲਾਂ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਕੂਲ ਆਫ਼ ਐਮੀਨੈਂਸ ’ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਬਾਥਰੂਮਾਂ ਅਤੇ ਕਮਰਿਆਂ ਦੀ ਸਾਫ਼-ਸਫਾਈ ਤੋਂ ਇਲਾਵਾ ਹੋਰ ਸੁਵਿਧਾਵਾਂ ਵੀ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਦਿੱਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਸਮੱਗਰ ਸਿੱਖਿਆ ਅਭਿਆਨ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਪ੍ਰੀਸ਼ਦਾਂ ਦੇ ਕਾਰਜਕਾਰੀ ਅਫ਼ਸਰਾਂ ਅਤੇ ਬੀ.ਡੀ.ਪੀ.ਓਜ਼ ਨੂੰ ਪੈਂਡਿੰਗ ਕੰਮ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜਲ ਜੀਵਨ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਗਨਰੇਗਾ, ਸਮਾਰਟ ਵਿਲੇਜ ਕੰਪੇਨ, ਪੰਜਾਬ ਨਿਰਮਾਣ, ਯੂ.ਈ.ਆਈ.ਪੀ ਪ੍ਰੋਗਰਾਮ, ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਜੀ.ਐਸ.ਟੀ, ਐਕਸਾਈਜ਼, ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ, ਕ੍ਰਿਸ਼ੀ ਵਿਭਾਗ, ਸਮਾਰਟ ਰਾਸ਼ਨ ਕਾਰਡ, ਫੂਡ ਸੇਫਟੀ, ਸੇਫ ਸਕੂਲ ਵਾਹਨ ਪਾਲਿਸੀ, ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।