ਨਿਰਮਾਨ ਕਾਰਜ਼ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਕਿਹਾ
ਗੁਰਦਾਸਪੁਰ, 21 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਬਣੇ ਅਧੂਰੇ ਪਏ ਰੇਲਵੇ ਫਲਾਈਓਵਰ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਦੀਨਾਨਗਰ ਬਹਿਰਾਮਪੁਰ ਰੋਡ ’ਤੇ ਬਣ ਰਹੇ ਫਲਾਈਓਵਰ ਦਾ ਦੌਰਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਮੰਡਲ ਇੰਚਾਰਜ ਸ਼ਮਸ਼ੇਰ ਸਿੰਘ ਤੋਂ ਇਲਾਵਾ ਸਹਾਇਕ ਕਮਿਸ਼ਨਰ ਜਨਰਲ ਇਰਵਿਨ ਕੌਰ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਤਰਸੇਮ ਲਾਲ, ਲੋਕ ਨਿਰਮਾਣ ਵਿਭਾਗ ਅਤੇ ਰੇਲਵੇ ਦੇ ਇੰਜੀਨੀਅਰ ਵੀ ਹਾਜ਼ਰ ਸਨ।
ਰੇਲਵੇ ਫਲਾਈਓਵਰ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕਰਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਪ੍ਰਾਜੈਕਟ ਬਾਰੇ ਜਾਣਕਾਰੀ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 750 ਮੀਟਰ ਦਾ ਰੇਲਵੇ ਫਲਾਈਓਵਰ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। 57 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਰੇਲਵੇ ਫਲਾਈਓਵਰ ਜਲਦੀ ਹੀ ਤਿਆਰ ਹੋ ਜਾਵੇਗਾ ਅਤੇ ਆਵਾਜਾਈ ਲਈ ਲੋਕਾਂ ਨੂੰ ਸੌਂਪ ਦਿੱਤਾ ਜਾਵੇਗਾ। ਪੁਲ ਦੇ ਨਿਰਮਾਣ ਵਿੱਚ ਹੋ ਰਹੀ ਦੇਰੀ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਅੱਜ ਵਿਸ਼ੇਸ਼ ਦੌਰਾ ਕੀਤਾ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਰੇਲਵੇ ਦੇ ਇੰਜਨੀਅਰਾਂ ਨੂੰ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੰਜੀਨੀਅਰਾਂ ਅਨੁਸਾਰ ਇਹ ਫਲਾਈਓਵਰ ਅਪ੍ਰੈਲ ਮਹੀਨੇ ਤੋਂ ਪਹਿਲਾਂ ਤਿਆਰ ਹੋ ਜਾਵੇਗਾ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਜਾ ਰਿਹਾ ਹੈ। ਯੋਗਤਾ ਦੇ ਆਧਾਰ ‘ਤੇ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ ਵਾਂਗ ਸਿੱਖਿਆ ਦੇ ਖੇਤਰ ਵਿੱਚ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਆਮ ਆਦਮੀ ਪਾਰਟੀ ਵੱਲੋਂ ਹੋਰ ਵੀ ਕਈ ਕੰਮ ਕੀਤੇ ਜਾ ਰਹੇ ਹਨ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਇਹ ਪੰਜਾਬ ਰੰਗਲਾ ਪੰਜਾਬ ਬਣ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਖਦੇਵ ਰਾਜ, ਰਣਜੀਤ ਰਾਜ, ਜਸਬੀਰ ਸਿੰਘ, ਵਿਜੇ ਕੁਮਾਰ, ਕਸ਼ਮੀਰ ਚੰਦ, ਰਾਜ ਕੁਮਾਰ, ਬਲਦੇਵ ਸਿੰਘ, ਰਜਿੰਦਰ ਮਗਰਾਲਾ, ਅਵਤਾਰ ਸਿੰਘ ਕੈਰੇ, ਠਾਕੁਰ ਪ੍ਰਦੀਪ ਸਿੰਘ ਅਤੇ ਗੁਰਜੀਤ ਵੀ ਹਾਜ਼ਰ ਸਨ।