ਗੁਰਦਾਸਪੁਰ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ
  • PublishedJanuary 30, 2024

ਗੁਰਦਾਸਪੁਰ, 30 ਜਨਵਰੀ 2024 ( ਦੀ ਪੰਜਾਬ ਵਾਇਰ)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ ਸਿਖ਼ਲਾਈ ਸੈਂਟਰ ਵਿੱਚ ਪਿੰਡ ਕੋਟ ਟੋਡਰ ਮੱਲ ਅਤੇ ਇਲਾਕੇ ਦੀਆਂ ਲੜਕੀਆਂ ਨੂੰ ਸਿਲਾਈ-ਕਢਾਈ ਦੀ ਟਰੇਨਿੰਗ ਦਿੱਤੀ ਜਾਵੇਗੀ। ਵੋਕੇਸ਼ਨਲ ਸੈਂਟਰ ਦੇ ਉਦਘਾਟਨ ਮੌਕੇ ਸੈਂਟਰ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਿਖਲਾਈ ਦਾ ਹੋਰ ਸਾਜ਼ੋ-ਸਮਾਨ ਵੀ ਵੰਡਿਆ ਗਿਆ।

ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕਰਨ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਵੋਕੇਸ਼ਨ ਸੈਂਟਰ ਨੂੰ ਸ਼ੁਰੂ ਕਰਨ ਦਾ ਮਕਸਦ ਲੜਕੀਆਂ ਨੂੰ ਹੁਨਰਮੰਦ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਲੜਕੇ-ਲੜਕੀਆਂ ਨੂੰ ਕਿੱਤਾਮੁੱਖੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਹੁਨਰਮੰਦ ਬਣਾਇਆ ਜਾਵੇ ਤਾਂ ਜੋ ਸਾਡੇ ਨੌਜਵਾਨ ਆਪਣੇ ਕੰਮ-ਕਾਰ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਨੇ ਆਪਣੇ ਮਹਿਜ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜਾਰ 710 ਮੁਲਾਜਮਾਂ ਨੂੰ ਪੱਕਾ ਕੀਤਾ ਹੈ। ਉਨਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀ ਗਈ ਹੈ।

ਇਸੇ ਦੌਰਾਨ ਪਿੰਡ ਕੋਟ ਟੋਡਰ ਮੱਲ ਦੀਆਂ ਲੜਕੀਆਂ ਨੇ ਇਸ ਵੋਕੇਸ਼ਨਲ ਸੈਂਟਰ ਦੇ ਸ਼ੁਰੂ ਹੋਣ ’ਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

Written By
The Punjab Wire