ਸੜਕ ਹਾਦਸੇ ਦੇ ਜਖ਼ਮੀ ਨੂੰ ਹਸਪਤਾਲ ਪਹੁੰਚਾਣ ਵਾਲੇ ਵਿਅਕਤੀ ਦਾ ਕੀਤਾ ਜਾਵੇਗਾ ਸਨਮਾਨ : ਚੇਅਰਮੈਨ ਰਮਨ ਬਹਿਲ

ਜਖ਼ਮੀ ਹੋਏ ਵਿਅਕਤੀਆਂ ਦੀ ਜਾਨ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਕੀਤੀ ਗਈ ਸ਼ੁਰੂ

ਚੇਅਰਮੈਨ ਰਮਨ ਬਹਿਲ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ

ਗੁਰਦਾਸਪੁਰ, 31 ਜਨਵਰੀ 2024 (ਦੀ ਪੰਜਾਬ ਵਾਇਰ )। ਰੋਜ਼ਾਨਾਂ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੜਕੀ ਹਾਦਸੇ ਵਿੱਚ ਜਖ਼ਮੀ ਹੋਏ ਵਿਅਕਤੀਆਂ ਨੂੰ ਮੌਕੇ ਤੇ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਹਸਪਤਾਲਾਂ ਅੰਦਰ ਪਹੁੰਚਾਇਆ ਜਾ ਸਕੇ। ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗਾ ਤੇ ਸੜਕ ਹਾਦਸਿਆਂ ਨੂੰ ਵੀ ਠੱਲ ਪਵੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪਹਿਲਾਂ ਸੜਕ ਹਾਦਸਿਆਂ ਵਿੱਚ ਜਖ਼ਮੀ ਹੋਏ ਵਿਅਕਤੀਆਂ ਦੀ ਮੌਤ ਮੌਕੇ ’ਤੇ ਮੁਢਲੀ ਸਹਾਇਤਾ ਨਾ ਮਿਲਣ ਕਾਰਨ ਹੋ ਜਾਂਦੀ ਸੀ, ਪ੍ਰੰਤੂ ਸੜਕ ਸੁਰੱਖਿਆ ਫੋਰਸ ਉਨ੍ਹਾਂ ਵਿਅਕਤੀਆਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹਸਪਤਾਲਾਂ ਅੰਦਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 354 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈ ਅਤੇ ਜਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਵਾਲੇ ਵਿਅਕਤੀਆਂ ਨੂੰ ਸਰਕਾਰ ਵੱਲੋਂ 2000 ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੀ ਜਾਨ ਬਚਾਉਣ ਲਈ ਸਰਕਾਰ ਵੱਲੋਂ 146 ਸਰਕਾਰੀ ਤੇ 238 ਪ੍ਰਾਈਵੇਟ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਵਾਹਨ ਚਾਲਕ ਸ਼ਰਾਬੀ ਅਵਸਥਾ ਵਿੱਚ ਮਿਲਦਾ ਹੈ ਤਾਂ ਪੁਲਿਸ ਉਸ ਨੂੰ ਘਰ ਛੱਡ ਕੇ ਆਵੇਗੀ ਤੇ ਉਸ ਦੇ ਪਰਿਵਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇਗਾ। ਅਜਿਹਾ ਕਰਨ ਲਈ ਰੋਡ ਸੇਫਟੀ ਫੋਰਸ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਇਸ ਡਰ ਤੋਂ ਜਖ਼ਮੀਆਂ ਨੂੰ ਹਸਪਤਾਲਾਂ ਤੱਕ ਨਹੀਂ ਪਹੁੰਚਾਉਂਦੇ ਸਨ ਕਿ ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪ੍ਰੰਤੂ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਵਿਅਕਤੀਆਂ ਦੀ ਮਰਜ਼ੀ ਤੋਂ ਬਿਨਾਂ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕਰੇਗੀ ਸਗੋਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੜਕ ਹਾਦਸਿਆਂ ਦੇ ਜਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾ ਕੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਕਾਰਜ ਹੈ ਇਸ ਲਈ ਜੇਕਰ ਕਿਸੇ ਨਾਗਰਿਕ ਦੇ ਸਾਹਮਣੇ ਕੋਈ ਦੁਰਘਟਨਾਂ ਹੁੰਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ ਜਖ਼ਮੀਆਂ ਦੀ ਮਦਦ ਕਰਨ ਲਈ ਅੱਗੇ ਆਉਣ। ਅਜਿਹਾ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਧਾਰਿਮਕ ਗ੍ਰੰਥਾਂ ਵਿੱਚ ਵੀ ਲਿਖਿਆ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਇਸ ਲਈ ਸਮੂਹ ਨਾਗਰਿਕ ਆਪਣੀ ਸਮਾਜਿਕ ਜਿੰਮੇਵਾਰੀ ਸਮਝ ਕੇ ਸੜਕ ਹਾਦਸਿਆਂ ਦੇ ਜਖ਼ਮੀਆਂ ਦੀ ਜਾਨ ਬਚਾਉਣ ਲਈ ਅੱਗੇ ਆਉਣ।

Exit mobile version