ਸਿਹਤ ਵਿਭਾਗ ਨੇ ਬੇਟੀ ਬਚਾਓ, ਬੇਟੀ ਪੜਾਓ ਵਿਸ਼ੇ ‘ਤੇ ਸਮਾਗਮ ਕਰਵਾਇਆ
ਗੁਰਦਾਸਪੁਰ, 1 ਫਰਵਰੀ 2024 (ਦੀ ਪੰਜਾਬ ਵਾਇਰ )। ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਦੀ ਅਗਵਾਈ ਹੇਠ ਏਐਨਐਮ/ਜੀਐਨਐਮ ਸਕੂਲ ਬੱਬਰੀ ਵਿਖੇ ਬੇਟੀ ਬਚਾਓ, ਬੇਟੀ ਪੜਾਓ ਵਿਸ਼ੇ ‘ਤੇ ਸਮਾਗਮ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਕੋਰੀਉਗਰਾਫ਼ੀ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਅੱਵਲ ਰਹੀ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜੀਵਨ ਵਿੱਚ ਔਰਤਾਂ ਨੂੰ ਕਈ ਚੁਨੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁੜੀ ਦੇ ਜਨਮ ਤੋਂ ਲੈ ਕੇ ਪਰਿਵਾਰ ਵਿੱਚ ਉਸ ਦੇ ਸਿਹਤਮੰਦ ਜੀਵਨ, ਰੁਤਬਾ, ਸਿੱਖਿਆ ਅਤੇ ਕੈਰੀਅਰ ਦਾ ਅਧਿਕਾਰ, ਔਰਤਾਂ ਦੇ ਵਿਕਾਸ ਵਿੱਚ ਰੁਕਾਵਟਾਂ ਨੂੰ ਦੂਰ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ| ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲੜੀ ਦਿਵਸ ਦਾ ਉਦੇਸ਼ ਲੜਕੀਆਂ ਨੂੰ ਆਪਣੇ ਅਧਿਕਾਰਾਂ, ਸੁਰੱਖਿਆ ਅਤੇ ਸਮਾਨਤਾ ਲਈ ਜਾਗਰੂਕ ਕਰਨਾ ਹੈ, ਤਾਂ ਜੋ ਉਹ ਆਉਣ ਵਾਲੀਆਂ ਸਾਰੀਆਂ ਚੁਨੌਤੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਸਕਣ। ਉਨ੍ਹਾਂ ਕਿਹਾ ਕਿ ਲੜਕੀਆਂ ਨੇ ਆਪਣੀ ਮਿਹਨਤ ਤੇ ਕਾਬਲੀਅਤ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਲੜਕਿਆਂ ਨਾਲੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ। ਇਸ ਲਈ ਸਮਾਜ ਨੂੰ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਅਤੇ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਭਾਰਤ ਅਤੇ ਪੰਜਾਬ ਸਰਕਾਰ ਨੇ ਲੜਕੀਆਂ ਦੇ ਸ਼ਕਤੀਕਰਨ ਲਈ ਕਈ ਯੋਜਨਾਵਾਂ ਵੀ ਲਾਗੂ ਕੀਤੀਆਂ ਹਨ, ਜਿਨ੍ਹਾਂ ਦੇ ਅਧੀਨ “ਬੇਟੀ ਬਚਾਓ ਅਤੇ ਬੇਟੀ ਪੜ੍ਹਾਓ” ਇੱਕ ਮਹੱਤਵਪੂਰਨ ਯੋਜਨਾ ਹੈ। ਇਸ ਤੋ ਇਲਾਵਾ ਬਾਲੜੀ ਰੱਖਿਆ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ ਆਦਿ ਸ਼ਾਮਲ ਹਨ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡੀਐਮਸੀ ਡਾ. ਰੋਮੀ ਰਾਜਾ, ਡਾ. ਹਿਮਾਨੀ, ਮਾਸ ਮੀਡੀਆ ਅਫ਼ਸਰ ਗੁਰਿੰਦਰ ਕੌਰ ਆਦਿ ਹਾਜ਼ਰ ਸਨ।