ਨਗਰ ਕੌਂਸਲ ਗੁਰਦਾਸਪੁਰ ਨੂੰ ਮਿਲਿਆਂ 11 ਨਵੀਆਂ ਗੱਡੀਆਂ
ਵਿਧਾਇਕ ਪਾਹੜਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਗੁਰਦਾਸਪੁਰ, 2 ਫਰਵਰੀ 2024 (ਦੀ ਪੰਜਾਬ ਵਾਇਰ)। ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਨਗਰ ਕੌਂਸਲ ਗੁਰਦਾਸਪੁਰ ਨੇ ਕੂੜਾ ਚੁੱਕਣ ਲਈ ਸਫ਼ਾਈ ਕਰਮਚਾਰੀਆਂ ਲਈ 11 ਨਵੀਆਂ ਟਾਟਾ ਏਸ ਗੱਡੀਆਂ ਖਰੀਦੀਆਂ ਹਨ। ਇਨ੍ਹਾਂ ਨਵੀਆਂ ਗੱਡੀਆਂ ਨੂੰ ਗੁਰਦਾਸਪੁਰ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਹਾਜ਼ਰ ਸਨ।
ਵਿਧਾਇਕ ਪਾਹੜਾ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁਹੱਲੇ ਅਤੇ ਗਲੀਆਂ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਉਹ ਸਮੇਂ-ਸਮੇਂ ‘ਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨਾਲ ਮੀਟਿੰਗਾਂ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਕੌਂਸਲਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਜੇਕਰ ਕਿਸੇ ਨੂੰ ਸਫਾਈ ਪੱਖੋਂ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ।
ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਹੁਣ ਸਫਾਈ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਕੌਂਸਲ ਨੇ 11 ਨਵੀਆਂ ਗੱਡੀਆਂ ਖਰੀਦ ਕੇ ਸਫ਼ਾਈ ਕਰਮਚਾਰੀਆਂ ਨੂੰ ਸੌਂਪ ਦਿੱਤੀਆਂ ਹਨ, ਜੋ ਸ਼ਹਿਰ ਦੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਨਗਰ ਕੌਂਸਲ ਨੂੰ ਮਸ਼ੀਨਰੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਫਿਰ ਵੀ ਨਗਰ ਕੌਂਸਲ ਆਪਣਾ ਕੰਮ ਬਾਖੂਬੀ ਨਿਭਾ ਰਹੀ ਹੈ। ਹੁਣ ਉਕਤ ਵਾਹਨ ਮਿਲਣ ਨਾਲ ਇਸ ਕੰਮ ਵਿਚ ਕਾਫੀ ਰਾਹਤ ਮਿਲੇਗੀ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਮੂਹ ਵਾਰਡਾਂ ਦੇ ਕੌਂਸਲਰ ਅਤੇ ਸ਼ਹਿਰ ਦੇ ਪਤਵੰਤੇ ਵੀ ਹਾਜ਼ਰ ਸਨ।