ਗੁਰਦਾਸਪੁਰ ਪੰਜਾਬ

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • PublishedFebruary 5, 2024

ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਨਿਬੇੜਾ

ਗੁਰਦਾਸਪੁਰ, 5 ਫਰਵਰੀ 2024 ( ਦੀ ਪੰਜਾਬ ਵਾਇਰ )। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ‘ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ ਦਿਨ ਮੰਗਲਵਾਰ ਤੋਂ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪ ਲਗਾਏ ਜਾਣਗੇ। ਜਿਨ੍ਹਾਂ ਦੀ ਅਗਵਾਈ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਨੋਡਲ ਅਫ਼ਸਰ ਦੀ ਭੂਮਿਕਾ ਪੇਂਡੂ ਖੇਤਰਾਂ ਵਿੱਚ ਐੱਸ.ਡੀ.ਐਮਜ/ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਸੌਂਪੀ ਗਈ ਹੈ। ਸਵੇਰੇ ਵਾਲੇ ਕੈਂਪ ਦਾ ਸਮਾਂ 10-00 ਵਜੇ ਤੋਂ ਦੁਪਹਿਰ 01-00 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 02-00 ਵਜੇ ਤੋਂ ਸਾਮ 05-00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਸਬ-ਡਵੀਜ਼ਨ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਦੀ ਸ਼ਡਿਊਲ ਤਿਆਰ ਕਰ ਲਿਆ  ਗਿਆ ਹੈ ਅਤੇ ਜਿਸ ਵੀ ਪਿੰਡ ਜਾਂ ਸ਼ਹਿਰ ਦੇ ਵਾਰਡ ਵਿੱਚ ਕੈਂਪ ਲੱਗਣਾ ਹੋਵੇਗਾ ਓਥੋਂ ਦੇ ਵਸਨੀਕਾਂ ਨੂੰ ਇਸ ਬਾਬਤ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਅਵਾਮ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ‘ਤੇ ਨਿਬੇੜਾ ਕਰਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਾਰੇ ਕੈਂਪਾਂ ਵਿੱਚ ਸ਼ਿਕਾਇਤ ਨਿਵਾਰਨ ਵਿਧੀ ਤੋਂ ਇਲਾਵਾ 45 (ਪਹਿਲਾਂ 43) ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਨਾਲ ਸਬੰਧਿਤ ਵਸਨੀਕਾਂ ਨੂੰ ਮੌਕੇ ‘ਤੇ ਉਪਲਬਧ ਕਰਵਾਉਣ ਦੇ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀ ਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮੁਸ਼ਕਲਾਂ ਲੈ ਕੇ ਆਉਣ ਵਾਲੇ ਲੋਕਾਂ ਦੇ ਬੈਠਣ, ਪੀਣ ਯੋਗ ਸਾਫ਼ ਸੁਥਰਾ ਪਾਣੀ, ਆਦਿ ਦੇ ਪੁਖ਼ਤਾ ਪ੍ਰਬੰਧਾਂ ਦੇ ਨਾਲ ਨਾਲ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕਿਸੇ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਆਮ ਲੋਕਾਂ ਨਾਲ ਬਹੁਤ ਹੀ ਪਿਆਰ ਅਤੇ ਮਿਲਵਰਤਨ ਨਾਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਬੂਹਿਆਂ ਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।

Written By
The Punjab Wire